ਜ਼ਿਲ੍ਹੇ ਨੀਲੀ ਕ੍ਰਾਂਤੀ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਉਣ ’ਚ ਸਹਾਈ ਹੋਵੇਗੀ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ- ਵਧੀਕ ਡਿਪਟੀ ਕਮਿਸ਼ਨਰ

0
127

ਕਿਹਾ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਕਿਸਾਨਾਂ ਨੂੰ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕਰਨ

ਜਲੰਧਰ  (ਰਮੇਸ਼ ਗਾਬਾ) ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਧੰਦਿਆਂ ਵੱਲ ਉਤਸ਼ਾਹਿਤ ਕਰਨ ਤਹਿਤ ਮੱਛੀ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਨੀਲੀ ਕ੍ਰਾਂਤੀ ਲਿਆਉਣ ਵਿੱਚ ਕਾਰਗਰ ਸਾਬਿਤ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਇਸ ਯੋਜਨਾ ਨੂੰ ਜ਼ਿਲ੍ਹੇ ਭਰ ਵਿੱਚ ਪੂਰੀ ਸਫ਼ਲਤਾ ਨਾਲ ਲਾਗੂ ਕਰਨ ਲਈ ਐਕਸਨ ਪਲਾਨ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਮੱਛੀ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਇਸ ਯੋਜਨਾ ਨੂੰ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਸਾਂਝੇ ਤੌਰ ’ਤੇ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪੰਜ ਸਾਲ ਲਈ ਲਿਆਂਦੀ ਗਈ ਹੈ ਜਿਸ ਦਾ ਮੁੱਖ ਮੰਤਵ ਕਿਸਾਨਾਂ ਨੂੰ ਮੱਛੀ ਪਾਲਣ ਦੇ ਸਹਾਇਕ ਧੰਦੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕਿਸਾਨ ਨੂੰ ਮੱਛੀ ਪਾਲਣ ਲਈ 7 ਲੱਖ ਰੁਪਏ ਦੀ ਲਾਗਤ ਨਾਲ ਟੋਭਾ ਪੁੱਟਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਇਕ ਵੱਡੇ ਯੂਨਿਟ ਉਤੇ 50 ਲੱਖ ਅਤੇ ਛੋਟੇ ਯੂਨਿਟ ਉਤੇ 7.50 ਲੱਖ ਰੁਪਏ ਦੀ ਲਾਗਤ ਆਉਂਦੀ ਹੈ।
ਉਨ੍ਹਾਂ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਵੀ ਪ੍ਰਾਪਤ ਹੋਵੇਗਾ, ਇਸ ਲਈ ਯੋਜਨਾ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਧੰਦਿਆਂ ਨਾਲ ਜੋੜ ਕੇ ਉਨਾਂ ਦੀ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਸੰਦੀਪ ਵਸ਼ਿਸਟ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਤਿਆਰ ਮੱਛੀ ਨੂੰ ਗਾਹਕਾਂ ਤੱਕ ਪਹੁੰਚਾਉਣ ਲਈ ਨੌਜਵਾਨਾਂ ਨੂੰ 75 ਹਜ਼ਾਰ ਰੁਪਏ ਦੀ ਲਾਗਤ ਨਾਲ ਮੋਟਰਸਾਈਕਲ ਅਤੇ 10 ਹਜ਼ਾਰ ਰੁਪਏ ਦੀ ਸਾਈਕਲ, 3 ਲੱਖ ਰੁਪਏ ਦਾ ਆਟੋ ਜਾਂ ਈ ਰਿਕਸ਼ਾ ਅਤੇ 20 ਲੱਖ ਰੁਪਏ ਦੀ ਲਾਗਤ ਵਾਲੇ ਇੰਸੁਲੇਟਿਡ ਵੈਨ ਵੀ ਦਿਵਾਏ ਜਾਣਗੇ। ਉਨ੍ਹਾਂ ਦੱਸਿਅ ਕਿ ਇਨਾ ਸਾਰੇ ਨਿਵੇਸ਼ਾਂ ਉਤੇ ਸਰਕਾਰ ਵਲੋੀ ਜਨਰਲ ਵਰਗ ਲਈ 40 ਫੀਸਦ, ਐਸ.ਸੀ./ ਐਸ.ਟੀ ਅਤੇ ਔਰਤਾਂ ਲਈ 60 ਫੀਸਦ ਸਬਸਿਡੀ ਦਿੱਤੀ ਜਾਵੇਗੀ।