ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੇ ਮਿਆਰੀ ਪ੍ਰਬੰਧ

0
23

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ‘ਤੇ ਐਸ.ਡੀ.ਐਮ. ਸ਼ਾਹਕੋਟ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੀ ਸੁਚੱਜੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਲੰਧਰ (ਰਮੇਸ਼ ਗਾਬਾ) 
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਜ਼ਿਲ੍ਹਾ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚ ਖਰੀਦ ਸਬੰਧੀ ਸੁਚੱਜੇ ਪ੍ਰਬੰਧ ਕਰਨ ਨਿਰਦੇਸ਼ ਦਿੱਤੇ ਗਏ ਹਨ ਅਤੇ ਨਾਲ ਹੀ ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਸਮੁੱਚੀਆਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ, ਜਿਸ ਤਹਿਤ ਜ਼ਮੀਨੀ ਪੱਧਰ ‘ਤੇ ਮੰਡੀਆਂ ਵਿੱਚ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਐਸ.ਡੀ.ਐਮਜ਼ ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੀਆਂ ਮੰਡੀਆਂ ਦੇ ਦੌਰੇ ਕੀਤੇ ਜਾ ਰਹੇ ਹਨ ।
ਇਸੇ ਲੜੀ ਤਹਿਤ ਅੱਜ ਐਸ.ਡੀ.ਐਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸੁਚੱਜੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਕਿਸਾਨਾਂ ਨੂੰ ਮੰਡੀਆਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀਆਂ ਦਾ ਦੌਰਾ ਕਰਨ ਉਪਰੰਤ ਐਸ.ਡੀ.ਐਮ. ਨੇ ਗੱਲਬਾਤ ਕਰਦਿਆਂ ਕਿਹਾ ਕਿ ਸਬ-ਡਵੀਜ਼ਨ ਸ਼ਾਹਕੋਟ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕਣਕ ਖਰੀਦ ਕਰਨ ਲਈ ਪ੍ਰਸ਼ਾਸਨ ਵੱਲੋਂ ਮਿਆਰੀ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਸ਼ਾਹਕੋਟ ਅਧੀਨ 18 ਮੰਡੀਆਂ ਪੈਂਦੀਆਂ ਹਨ। ਇਨ੍ਹਾਂ ਵਿੱਚ 7 ਮੰਡੀਆਂ ਲੋਹੀਆਂ ਅਤੇ 11 ਸ਼ਾਹਕੋਟ ਵਿੱਚ ਹਨ, ਜਿਨ੍ਹਾਂ ਦਾ ਅੱਜ ਉਨ੍ਹਾਂ ਵੱਲੋਂ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਕਣਕ ਢੇਰੀ ਕਰਨ ਲਈ 30*30 ਦੇ ਬਾਕਸ ਬਣਾਏ ਗਏ ਹਨ, ਜਿਥੇ ਖਰੀਦ ਸਬੰਧੀ ਸਮੁੱਚੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਅਨਾਜ ਮੰਡੀਆਂ ਦੀ ਸਾਫ਼-ਸਫਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੈਨੇਟਾਈਜ਼ ਕਰਨ ਤੋਂ ਇਲਾਵਾ ਕਿਸਾਨਾਂ ਦੇ ਪੀਣ ਲਈ ਪਾਣੀ, ਹੱਥ ਧੋਣ ਲਈ ਪਾਣੀ ਤੇ ਸਾਬਣ, ਸੈਨੇਟਾਈਜ਼ਰ, ਕਿਸਾਨਾਂ ਦੇ ਬੈਠਣ ਲਈ ਛਾਂ, ਰੌਸ਼ਨੀ, ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰਾਂ ਵੱਲੋਂ ਮਾਸਕ ਦੀ ਵਰਤੋਂ, ਸਮਾਜਿਕ ਵਿੱਥ ਸਮੇਤ ਹੋਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਸੁਕਾ ਕੇ ਲੈ ਕੇ ਆਉਣ ਅਤੇ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ।