ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕਾਲਜ ਵਿਖੇ ਕਰਵਾਇਆ ਆਨਲਾਈਨ ਲੇਖ ਰਚਨਾ ਮੁਕਾਬਲਾ

0
83

ਮੋਹਿਨੀ ਯਾਦਵ ਨੇ ਕੀਤਾ ਪਹਿਲਾ ਸਥਾਨ ਹਾਸਲ
ਜਲੰਧਰ (ਰਮੇਸ਼ ਗਾਬਾ)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ, ਜਲੰਧਰ ਦੇ ਪੰਜਾਬੀ ਵਿਭਾਗ ਵੱਲੋਂ ਕਾਲਜ ਵਿਦਿਆਰਥੀਆਂ ਦਾ ਆਨਲਾਈਨ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਧੀਰ ਨੇ ਕਿਹਾ ਕਿ ਧਰਮ ਦੀ ਖਾਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੀ ਉਦਾਹਰਣ ਸੰਸਾਰ ਵਿੱਚ ਹੋਰ ਕਿਤੇ ਨਹੀਂ ਮਿਲਦੀ । ਇਸ ਅਦੁੱਤੀ ਸ਼ਹਾਦਤ ਕਾਰਨ ਹੀ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਫਲਸਫੇ ਤੋਂ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ।
ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਸੁਖਪਾਲ ਸਿੰਘ ਥਿੰਦ ਨੇ ਕਿਹਾ ਕਿ ਅੱਜ ਦੇ ਇਸ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਲਈ ਦਿੱਤੀ ਸ਼ਹਾਦਤ ਨੂੰ ਜਾਣਨ, ਸਮਝਣ ਅਤੇ ਇਸ ਤੋਂ ਸੇਧ ਲੈਣ ਦੀ ਪ੍ਰੇਰਨਾ ਮਿਲੇਗੀ । ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਕੋਰੋਨਾ ਜਿਹੇ ਸੰਕਟ ਸਮੇਂ ਵਿੱਚ ਵੀ ਵਿਦਿਆਰਥੀਆਂ ਵੱਲੋਂ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਖਾਸਾ ਉਤਸ਼ਾਹ ਵਿਖਾਇਆ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬੀ ਵਿਭਾਗ ਦੇ ਮੈਡਮ ਪੂਨਮ ਬੈਂਸ ਨੇ ਸਵਾਗਤੀ ਸ਼ਬਦ ਕਹੇ । ਅੱਜ ਹੋਏ ਲੇਖ ਰਚਨਾ ਮੁਕਾਬਲੇ ਵਿੱਚ ਮੋਹਿਨੀ ਯਾਦਵ ਨੇ ਪਹਿਲਾ , ਸੁਲੇਖਾ ਨੇ ਦੂਜਾ ਅਤੇ ਹਰੀਸ਼ ਅਤੇ ਪੂਨਮ ਨੇ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ । ਪ੍ਰੋ.ਥਿੰਦ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਖੁੱਲ੍ਹਣ ‘ਤੇ ਸਰਟੀਫਿਕੇਟ ਅਤੇ ਇਨਾਮ ਦਿੱਤੇ ਜਾਣਗੇ ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਰ ਧਾਰਮਿਕ ਸਰਗਰਮੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸ਼ਹਾਦਤ ’ਤੇ ਅਧਾਰਤ ਮੁਕਾਬਲੇ ਸ਼ਾਮਲ ਹਨ।