ਐਸ.ਡੀ.ਐਮ. ਫਾਜ਼ਿਲਕਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਵੈਕਸੀਨੇਸ਼ਨ ਕੈਂਪ ਦਾ ਕੀਤਾ ਦੌਰਾ

0
20

ਲੋਕਾਂ ਨੂੰ ਸੈਂਪਲਿੰਗ ਅਤੇ ਵੈਕਸੀਨੇਸ਼ਨ ਲਗਵਾਉਣ ਦੀ ਅਪੀਲ
ਫਾਜ਼ਿਲਕਾ (TLT)

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲੇ੍ਹ ਦੀਆਂ ਵੱਖ-ਵੱਖ ਥਾਵਾਂ `ਤੇ ਟੈਸਟਿੰਗ ਅਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ।ਇਸ ਦੌਰਾਨ ਐਸ.ਡੀ.ਐਮ. ਗੋਇਲ ਵੱਲੋਂ ਖੁਦ ਵੈਕਸੀਨੇਸ਼ਨ ਕੈਂਪ ਵਿਖੇ ਜਾ ਕੇ ਦੌਰਾ ਕੀਤਾ ਗਿਆ।
ਐਸ.ਡੀ.ਐਮ. ਗੋਇਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 ਨੇੜੇ ਟੀ.ਵੀ. ਟਾਵਰ ਵਿਖੇ ਲਗਾਏ ਗਏ ਵੈਕਸੀਨੇਸ਼ਨ ਕੈਂਪ ਦਾ ਦੌਰਾ ਕਰਦਿਆਂ ਕਿਹਾ ਕਿ ਕੈਂਪ ਲਗਾਉਣ ਦਾ ਮੰਤਵ ਕਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਸਮੇਂ ਸਿਰ ਟੈਸਟਿੰਗ ਹੋਵੇ। ਉਨ੍ਹਾਂ ਕਿਹਾ ਕਿ ਜਿਥੇ ਸਮੇਂ ਸਿਰ ਟੈਸਟਿੰਗ ਜ਼ਰੂਰੀ ਹੈ ਉਥੇ ਵੈਕਸੀਨੇਸ਼ਨ ਵੀ ਬਹੁਤ ਲਾਜਮੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਹਰ ਯੋਗ ਵਿਅਕਤੀ ਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਕਾਰਗਰ ਸਿੱਧ ਹੋ ਰਹੀ ਹੈ।ਉਨ੍ਹਾਂ ਦੱਸਿਆ ਕਿ ਅੱਜ ਝੁਗੇ ਗੁਲਾਬ ਸਿੰਘ, ਸੀ.ਐਚ.ਸੀ. ਡਬਵਾਲਾ ਕਲਾਂ, ਮੌਜਮ ਵਿਖੇ ਸੈਂਪਲਿੰਗ ਸਬੰਧੀ ਵਿਸ਼ੇਸ਼ ਕੈਂਪ ਲਗਾਏ ਗਏ।
 ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੂੰ ਵੀ ਲੱਛਣ ਨਜਰ ਆਉਂਦੇ ਹਨ ਉਸ ਨੂੰ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤੇ ਟੈਸਟ ਕਰਵਾਉਣ ਤੋਂ ਲੈ ਕੇ ਨਤੀਜਾ ਆਉਣ ਤੱਕ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਹੋਰ ਮੈਂਬਰ ਕਰੋਨਾ ਦੀ ਚਪੇਟ ਵਿਚ ਨਾ ਆ ਸਕਣ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।      
ਬਾਕਸ ਲਈ ਪ੍ਰਸਤਾਵਿਤ
24 ਘੰਟਿਆਂ `ਚ 148 ਹੋਏ ਠੀਕ, 68 ਆਏ ਨਵੇ ਕੇਸ  
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੀਤੇ 24 ਘੰਟਿਆਂ `ਚ 148 ਜਣੇ ਠੀਕ ਹੋਏ ਹਨ ਅਤੇ 68 ਨਵੇਂ ਪਾਜੀਟਿਵ ਕੇਸ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲੇ੍ਹ ਅੰਦਰ ਕੁੱਲ 19269 ਜਣੇ ਪਾਜੀਟਿਵ ਆਏ ਹਨ ਅਤੇ 17900 ਜਣੇ ਸਿਹਤਯਾਬ ਹੋ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 890 ਅਤੇ ਮੌਤਾਂ ਦੀ ਗਿਣਤੀ 479 ਹੋ ਗਈ ਹੈ।ਉਨ੍ਹਾਂ ਕਿਹਾ ਕਿ ਛੋਟਾਂ ਮਿਲਣ ਦੇ ਬਾਵਜੂਦ ਵੀ ਜ਼ਿਲ੍ਹਾ ਵਾਸੀ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਯਕੀਨੀ ਬਣਾਉਣ।