ਡਿਪਟੀ ਕਮਿਸ਼ਨਰ ਨੇ ਵਿਸ਼ਵ ਖੂਨਦਾਤਾ ਦਿਵਸ ‘ਤੇ ਖੂਨ ਦਾਨ ਕਰ ਕੇ ਕੀਤਾ ਖੂਨਦਾਨ ਕੈਂਪ ਦਾ ਉਦਘਾਟਨ

0
53

ਖੂਨਦਾਨ ਨੂੰ ਮਨੁੱਖਤਾ ਦੀ ਸੱਚੀ ਸੇਵਾ ਕਰਾਰ ਦਿੱਤਾ
ਕੈਂਪ ਵਿੱਚ ਭਾਗ ਲੈਣ ਵਾਲੇ ਵਲੰਟੀਅਰਾਂ ਨੂੰ ਪ੍ਰਸ਼ੰਸਾ ਪੱਤਰਾਂ ਨਾਲ ਕੀਤਾ ਸਨਮਾਨਿਤ

ਜਲੰਧਰ (ਰਮੇਸ਼ ਗਾਬਾ)
ਵਿਸ਼ਵ ਖੂਨਦਾਤਾ ਦਿਵਸ ਪੰਦਰਵਾੜੇ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਮੰਗਲਵਾਰ ਨੂੰ ਰੈਡ ਕਰਾਸ ਸੁਸਾਇਟੀ, ਜਲੰਧਰ ਵਿਖੇ ਲਗਾਏ ਗਏ ਕੈਂਪ ਵਿੱਚ ਖੂਨਦਾਨ ਕੈਂਪ ਵਿੱਚ ਖੂਨ ਦਾਨ ਕੀਤਾ ਗਿਆ।
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੂਨਦਾਨ ਨੂੰ ਮਨੁੱਖਤਾ ਦੀ ਅਸਲ ਸੇਵਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਸਕਦੀਆਂ ਹਨ ।
ਵਿਸ਼ਵ ਖੂਨਦਾਤਾ ਦਿਵਸ ਮੌਕੇ ਰੈਡ ਕਰਾਸ ਭਵਨ ਵਿੱਚ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਖੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਥੋਰੀ ਨੇ ਕਿਹਾ ਕਿ ਖੂਨਦਾਨੀ ਹੀ ਅਸਲ ਨਾਇਕ ਹਨ ਕਿਉਂਕਿ ਇਹ ਲੋੜਵੰਦ ਲੋਕਾਂ ਦੀ ਮਦਦ ਕਰਨ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਮੌਜੂਦਾ ਹਾਲਾਤ ਵਿਚ ਵੱਧ ਤੋਂ ਵੱਧ ਲੋਕਾਂ ਖ਼ਾਸਕਰ ਨੌਜਵਾਨਾਂ ਨੂੰ ਖੂਨ ਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਨੇਕ ਕੰਮ ਵਿਚ ਸਰਗਰਮ ਭਾਗੀਦਾਰ ਬਣਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਸਿਹਤ ਸੰਕਟ ਦੌਰਾਨ ਬਲੱਡ ਬੈਂਕਾਂ ਨੂੰ ਮਜ਼ਬੂਤ ਕਰਨ ਅਤੇ ਦੇਸ਼ ਨੂੰ ਸਿਹਤਮੰਦ ਬਣਾਉਣ ਲਈ ਇਹ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ, ਜੋ ਇੱਕ ਵਿਅਕਤੀ ਸਮਾਜ ਨੂੰ ਪ੍ਰਦਾਨ ਕਰ ਸਕਦਾ ਹੈ ਅਤੇ ਇਹ ਸੇਵਾ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਕ ਹੋ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਨੌਜਵਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਖੂਨ ਦਾਨ ਕਰਨ ਵਾਲਾ ਹਰੇਕ ਵਿਅਕਤੀ ਨਾਇਕ ਹੈ ਅਤੇ ਉਨ੍ਹਾਂ ਨੂੰ ਰੁਟੀਨ ਅਤੇ ਐਮਰਜੈਂਸੀ ਇਲਾਜ ਲਈ ਲੋੜੀਂਦੇ ਖੂਨ ਦੇ ਸਟਾਕ ਨੂੰ ਯਕੀਨੀ ਬਣਾਉਣ ਲਈ ਹਰ ਤਿੰਨ ਮਹੀਨੇ ਬਾਅਦ ਨਿਯਮਤਿ ਤੌਰ ‘ਤੇ ਖੂਨ ਦਾਨ ਕਰਨਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਖੂਨ ਦਾਨੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ। ਇਸ ਮੌਕੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਜੀਤ ਸਿੰਘ ਮਿਨਹਾਸ ਅਤੇ ਹੋਰ ਵੀ ਮੌਜੂਦ ਸਨ ।