ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ : ਘਨਸ਼ਿਆਮ ਥੋਰੀ

0
60

ਪ੍ਰਸ਼ਾਸਨ ਨੇ ਅਪਾਹਜ ਆਸ਼ਰਮ ਵਿਖੇ ਲਗਾਇਆ ਟੀਕਾਕਰਨ ਕੈਂਪ
ਡਿਪਟੀ ਕਮਿਸ਼ਨਰ ਨੇ ਸਮਾਜ ਦੇ ਲੋੜਵੰਦ ਵਰਗ ਦੀ ਸੇਵਾ ਲਈ ਆਸ਼ਰਮ ਵੱਲੋਂ ਕੀਤੇ ਜਾਂਦੇ ਯਤਨਾਂ ਦੀ ਕੀਤੀ ਸ਼ਲਾਘਾ
ਜਲੰਧਰ (ਰਮੇਸ਼ ਗਾਬਾ)

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਅਪਾਹਜ ਆਸ਼ਰਮ ਨੇੜੇ ਐਚ.ਐਮ.ਵੀ ਕਾਲਜ ਵਿਖੇ ਇਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ, ਜਿੱਥੇ ਆਸ਼ਰਮ ਵਿਖੇ ਰਹਿਣ ਵਾਲੇ ਅਤੇ ਆਸ-ਪਾਸ ਦੇ ਲੋਕਾਂ ਦਾ ਟੀਕਾਕਰਨ ਕੀਤਾ ਗਿਆ।
ਕੈਂਪ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਸ ਸਿਹਤ ਸੰਕਟ ਦੌਰਾਨ ਪ੍ਰਸ਼ਾਸਨ ਉਨ੍ਹਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਕੋਵਿਡ-19 ਵੈਕਸੀਨ ਦਾ ਟੀਕਾ ਲਗਵਾ ਰਹੇ ਯੋਗ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ।
ਇਸ ਦੌਰਾਨ ਆਸ਼ਰਮ ਵੱਲੋਂ ਇੱਕ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ ਵੀ ਲਗਾਇਆ ਗਿਆ, ਜਿਥੇ ਡਾ. ਵਿਜੇ ਮਹਾਜਨ ਸੀ.ਐਮ.ਡੀ. ਟੈਗੋਰ ਹਸਪਤਾਲ, ਅੱਖਾਂ ਦੇ ਮਾਹਰ ਡਾ. ਜਗਦੀਪ ਸਿੰਘ ਵੱਲੋਂ ਲੋਕਾਂ ਦਾ ਮੈਡੀਕਲ ਚੈੱਕਅੱਪ ਕੀਤਾ ਗਿਆ । ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੇ ਨਾਲ-ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਜਾਂਚ ਵੀ ਕੀਤੀ ਗਈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅਪਾਹਜ ਆਸ਼ਰਮ ਦੇ ਮਾਧਿਅਮ ਰਾਹੀਂ ਸਮਾਜ ਦੇ ਇਸ ਲੋੜਵੰਦ ਵਰਗ ਦੀ ਸੇਵਾ ਕਰਨ ਲਈ ਆਸ਼ਰਮ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤਰਸੇਮ ਕਪੂਰ ਵੱਲੋਂ ਕੀਤੇ ਜਾ ਰਹੇ ਯਤਨ ਦੂਜਿਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਪ੍ਰਬੰਧਕਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।