ਬੇਰੋਜ਼ਗਾਰ ਨੌਜਵਾਨਾਂ ਦੀ ਜ਼ਿੰਦਗੀ ਬਦਲਣ ਲਈ ਹੁਨਰ ਵਿਕਾਸ ਬੇਹੱਦ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ

0
36

ਕਿਹਾ, ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਹੁਨਰ ਵਿਕਾਸ ਸਮੇਂ ਦੀ ਲੋੜ
ਸਮੁੱਚੇ ਹੁਨਰ ਵਿਕਾਸ ਕੇਂਦਰਾਂ ਵਿਖੇ ਮਨਾਇਆ ਗਿਆ ਵਿਸ਼ਵ ਹੁਨਰ ਦਿਵਸ

ਜਲੰਧਰ (ਰਮੇਸ਼ ਗਾਬਾ) ਹੁਨਰ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਵਿਸ਼ਵ ਹੁਨਰ ਦਿਵਸ ਦੇ ਮੌਕੇ ਕਿਹਾ ਕਿ ਇਸ ਨਾਲ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ, ਜਿਸ ਸਦਕਾ ਉਨ੍ਹਾਂ ਦੀ ਜ਼ਿੰਦਗੀ ਬਦਲ ਜਾਵੇਗੀ ।
ਵਧੀਕ ਡਿਪਟੀ ਕਮਿਸ਼ਨਰ, ਜੋ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ, ਜਲੰਧਰ ਦੇ ਨੋਡਲ ਅਫ਼ਸਰ ਵੀ ਹਨ, ਨੇ ਕਿਹਾ ਕਿ ਨੌਜਵਾਨਾਂ ਨੂੰ ਗੁਣਵੱਤਾਪੂਰਨ ਹੁਨਰ ਸਿਖਲਾਈ ਪ੍ਰਦਾਨ ਕਰ ਕੇ ਬੇਰੋਜ਼ਗਾਰੀ ਅਤੇ ਗਰੀਬੀ ਦੀਆਂ ਸਮੱਸਿਆਵਾਂ ਨੂੰ ਆਸਾਨੀ ਨਾਲ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਵੱਖ-ਵੱਖ ਕੋਰਸਾਂ ਵਿੱਚ ਹੁਨਰ ਸਿਖਲਾਈ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਸਕਦੀ ਹੈ, ਜੋ ਕਿ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਹੁਨਰ ਸਿਖਲਾਈ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਸਕਦੀ ਹੈ, ਜਿਸ ਸਦਕਾ ਉਹ ਮਾਣ ਅਤੇ ਇੱਜ਼ਤ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਸਕਦੇ ਹਨ।
ਸ਼੍ਰੀ ਸਿੰਘ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਹੁਨਰ ਵਿਕਾਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਉਦਯੋਗਿਕ ਸੰਸਥਾਵਾਂ ਨੂੰ ਨਾਲ ਲੈ ਕੇ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਸਾਡੀ ਸਨਅਤ ਦੀ ਲੋੜ ਅਨੁਸਾਰ ਹੁਨਰ ਵਿਕਾਸ ਪ੍ਰੋਗਰਾਮ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਉਭਰਦੇ ਹੋਏ ਪਰਿਦ੍ਰਿਸ਼ ਨੂੰ ਦੇਖਦੇ ਹੋਏ ਹੁਣ ਆਈ.ਟੀ. ਅਤੇ ਸਿਹਤ ਸੇਵਾਵਾਂ ਨਾਲ ਜੁੜੇ ਹੁਨਰ ਵਿਕਾਸ ਦੇ ਕੋਰਸ ਵੀ ਸ਼ੁਰੂ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਵਿਸ਼ਵ ਹੁਨਰ ਦਿਵਸ ਜ਼ਿਲ੍ਹੇ ਦੇ ਸਮੁੱਚੇ ਹੁਨਰ ਵਿਕਾਸ ਕੇਂਦਰਾਂ ਵਿੱਚ ਮਨਾਇਆ ਗਿਆ ਹੈ, ਜਿਸ ਦੌਰਾਨ ਇਨ੍ਹਾਂ ਕੇਂਦਰਾਂ ‘ਤੇ ਵਿਸ਼ੇਸ਼ ਹੁਨਰ ਮੁਕਾਬਲੇ ਕਰਵਾਏ ਗਏ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਹੁਨਰ ਮੁਕਾਬਲੇ ਲਈ 80 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਅੱਗੇ ਜਾ ਕੇ ਵਿਸ਼ਵ ਹੁਨਰ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ। ਉਨ੍ਹਾਂ ਨੌਜਵਾਨਾਂ ਨੂੰ ਇਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰ ਕੇ ਇਸ ਮਿਸ਼ਨ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕੀਤੀ।