ਖੇਤੀ ਕਾਨੂੰਨਾਂ ਖਿਲਾਫ ਡਟੀ ਬਹੁਜਨ ਸਮਾਜ ਪਾਰਟੀ, ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

0
37

ਗੁਰਦਾਸਪੁਰ (TLT) ਖੇਤੀ ਕਾਨੂੰਨਾਂ ਖਿਲਾਫ ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਪਾਰਟੀ ਨੇ ਅੱਜ ਡਿਪਟੀ ਕਮਿਸ਼ਨਰ ਦੇ ਦਫਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਮੌਕੇ ਬਹੁਜਨ ਸਮਾਜ ਪਾਰਟੀ ਦੇ ਲੀਡਰ ਜਸਬੀਰ ਸਿੰਘ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੇਕਰ ਦੇਸ਼ ਦੇ ਅੰਨਦਾਤਾ ਨੂੰ ਹੀ ਸੜਕਾਂ ਉੱਤੇ ਰੁਲਣਾ ਪਵੇ ਤਾਂ ਇਹ ਦੇਸ਼ ਦੀਆਂ ਸਰਕਾਰਾਂ ਵਾਸਤੇ ਨਮੋਸ਼ੀ ਭਰਿਆ ਹੈ।

ਉਨ੍ਹਾਂ ਕਿਹਾ ਕਿ ਜਿਸ ਕਿਸਾਨ ਵਾਸਤੇ ਇਹ ਕਾਨੂੰਨ ਬਣਾਏ ਗਏ ਹਨ, ਜੇ ਉਸ ਕਿਸਾਨ ਨੂੰ ਹੀ ਕਾਨੂੰਨ ਮਨਜੂਰ ਨਹੀਂ ਹਨ ਤਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੱਧੂ ਦੇ ਉਸ ਬਿਆਨ ਦੀ ਅਲੋਚਨਾ ਕੀਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਖੂਹ ਹਨ ਤੇ ਕਿਸਾਨਾਂ ਨੂੰ ਪਾਣੀ ਵਾਸਤੇ ਉਨ੍ਹਾਂ ਕੋਲ ਆਉਣਾ ਚਾਹੀਦਾ ਹੈ।

ਇਸੇ ਤਰ੍ਹਾਂ ਅੱਜ ਲੁਧਿਆਣਾ ਵਿੱਚ ਵੀ ਬਸਪਾ ਦੇ ਸੈਂਕੜੇ ਵਰਕਰਾਂ ਵੱਲੋਂ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਤੋਂ ਲੈ ਕੇ ਘੰਟਾਘਰ ਚੌਕ ਤੱ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਤੇ ਕੇਂਦਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ  ਕੇਂਦਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।