ਸੜਕ ਹਾਦਸੇ ‘ਚ ਏਐਸਆਈ ਸਮੇਤ ਇਕ ਔਰਤ ਦੀ ਮੌਤ, ਇਕ ਜ਼ਖਮੀ

0
39

ਬਠਿੰਡਾ (TLT) ਜ਼ਿਲ੍ਹੇ ਵਿਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਅਤੇ ਇਕ ਔਰਤ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਨੇ ਪੀੜਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਵਿਚ ਤੈਨਾਤ ਸਹਾਇਕ ਥਾਣੇਦਾਰ ਸੁਖਰਾਮ ਦੀ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਦੇਰ ਸ਼ਾਮ ਏਐਸਆਈ ਸੁਖਰਾਮ ਡਿਊਟੀ ਖ਼ਤਮ ਕਰਕੇ ਵਾਪਸ ਪਿੰਡ ਪਰਤ ਰਿਹਾ ਸੀ ਜਦੋਂ ਪਿੰਡ ਜੋਧਪੁਰ ਰੋਮਾਣਾ ਕੋਲ ਪਹੁੰਚਿਆ ਤਾਂ ਅਣਪਛਾਤੇ ਵਾਹਨ ਦੀ ਟੱਕਰ ਨਾਲ ਸੁਖਰਾਮ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਏਐਸਆਈ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੜਤਾਲੀਆ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੇ ਏਐਸਆਈ ਦੇਸਪਾਲ ਸਿੰਘ ਨੇ ਦੱਸਿਆ ਕਿ ਬਲਕਰਨ ਸਿੰਘ ਵਾਸੀ ਪਿੰਡ ਗਿੱਲ ਕਲਾਂ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ਉਸ ਦੀ ਮਾਤਾ ਨਸੀਬ ਕੌਰ ਵਿਚ ਮਾਰਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਦੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਭੋਲਾ ਸਿੰਘ ਵਾਸੀ ਪਿੰਡ ਕੋਠਾ ਗੁਰੂ ਕਾ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਉਹ ਮੋਟਰਸਾਈਕਲ ’ਤੇ ਗੋਨਿਆਣਾ ਖੁਰਦ ਕੋਲ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਸਕੂਲ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੇ ਸੱਟਾਂ ਲੱਗੀਆਂ ਹਨ । ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਨਾਮਾਲੂਮ ਬੱਸ ਚਾਲਕ ਦੇ ਖਿਲਾਫ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।