ਪੰਜਾਬ ਦਿਵਸ ‘ਤੇ CM ਚੰਨੀ ਦਾ ਵੱਡਾ ਫੈਸਲਾ, ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਕੀਤਾ ਐਲਾਨ

0
94

ਚੰਡੀਗੜ੍ਹ (TLT) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਅਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਚੰਡੀਗੜ੍ਹ ਨਜ਼ਦੀਕ ਖਰੜ-ਲਾਂਡਰਾਂ ਰੋਡ ਉਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਮਾਈਨਿੰਗ ਵਾਲੀ ਹਰੇਕ ਥਾਂ ਉਤੇ ਪੁਲਿਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਅਤੇ ਜੇਕਰ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਕਿ ਹਫ਼ਤੇ ਤੇ ਮਹੀਨੇ ਲੈਣੇ ਤੁਰੰਤ ਬੰਦ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਵਿਸ਼ਵਾਸ ਸਰਕਾਰ ਵਿੱਚ ਮਜ਼ਬੂਤ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਉਤੇ ਫੌਰੀ ਅਮਲ ਯਕੀਨੀ ਬਣਾਇਆ ਜਾਵੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਫੜਨ ਦੀ ਕਾਰਜਪ੍ਰਣਾਲੀ ਨੂੰ ਚੁਸਤ-ਦਰੁਸਤ ਕੀਤਾ ਜਾਵੇ।