ਕਿਸਾਨਾਂ ਤੇ ਮਜ਼ਦੂਰਾਂ ਨਾਲ ਕੇਂਦਰ ਤੇ ਪੰਜਾਬ ਸਰਕਾਰ ਨੇ ਕੀਤਾ ਧੋਖਾ-‘ਆਪ’ ਆਗੂ

0
58

ਜਲੰਧਰ (ਰਮੇਸ਼ ਗਾਬਾ) ਆਮ ਆਦਮੀ ਪਾਰਟੀ ‘ਆਪ’ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ। ਪਿਛਲੇ ਤਿੰਨ ਦਹਾਕਿਆਂ ਤੋਂ ਕਿਸਾਨ ਤੇ ਖੇਤ ਮਜ਼ਦੂਰ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ ਤੇ ਸਰਕਾਰਾਂ ਹੱਥ ‘ਤੇ ਹੱਥ ਧਰ ਕੇ ਬੈਠੀਆਂ ਹਨ। ਇਹ ਦੋਸ਼ ‘ਆਪ’ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ, ਰਮਨੀਕ ਰੰਧਾਵਾ ਜ਼ਿਲ੍ਹਾ ਲੋਕ ਸਭਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਲੰਧਰ ਛਾਉਣੀ ਸੁਰਿੰਦਰ ਸਿੰਘ ਸੋਢੀ ਨੇ ਪੰਜਾਬ ਪ੍ਰੈੱਸ ਕਲੱਬ ਵਿਖੇ ਲਾਏ।

ਸੁਰਿੰਦਰ ਸਿੰਘ ਸੋਢੀ ਤੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਦੀ ਦੁਰਦਸ਼ਾ ਲਈ ਹੁਣ ਤਕ ਰਾਜ ਕਰਨ ਵਾਲੀ ਕਾਂਗਰਸ, ਅਕਾਲੀ ਦਲ ਤੇ ਭਾਜਪਾ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 19 ਜਨਵਰੀ 2017 ਨੂੰ ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਇਸ ਵਿੱਚ ਸਰਕਾਰੀ, ਸਹਿਕਾਰੀ ਅਤੇ ਨਿੱਜੀ ਬੈਂਕਾਂ ਦੇ ਨਾਲ-ਨਾਲ ਗੈਰ-ਸੰਗਠਿਤ ਖੇਤਰ ਤੋਂ ਲਏ ਗਏ ਕਰਜ਼ੇ ਸ਼ਾਮਲ ਹਨ, ਜੋ ਲਗਭਗ 1.5 ਲੱਖ ਕਰੋੜ ਬਣਦੇ ਹਨ। ਇਸ ਦੇ ਬਾਵਜੂਦ ਕਿਸਾਨਾਂ ਨੂੰ ਅਜੇ ਵੀ ਧੋਖੇ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਆਖਰ ਉਹ ਕਿਸਾਨਾਂ ਦਾ ਕਰਜ਼ਾ ਕਦੋਂ ਮੁਆਫ ਕਰ ਰਹੇ ਹਨ।