ਅਧਿਆਪਕਾਂ ਤੋਂ ਬਾਅਦ ਫੀਸਾਂ ਨੂੰ ਲੈ ਕੇ ਵਿਦਿਆਰਥੀਆਂ ਨੇ ਕੀਤਾ ਵਿਰੋਧ

0
33

ਪਟਿਆਲਾ (TLT) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਸ਼ਣ ਦੌਰਾਨ ਹਾਲ ‘ਚ ਮੌਜੂਦ ਕੁਝ ਵਿਦਿਆਰਥੀਆਂ ਵੱਲੋਂ ਫੀਸਾਂ ‘ਚ ਵਾਧੇ ਨੂੰ ਲੈ ਕੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਯੂਨੀਵਰਸਿਟੀ ਨੂੰ ਪੱਕੀ ਗ੍ਰਾਂਟ ਤੇ ਕਰਜ਼ਾ ਸਰਕਾਰ ਸਿਰ ਲੈਣ ਦਾ ਐਲਾਨ ਕਰ ਕੇ ਹੀ ਹਟੇ ਸਨ ਕਿ ਉੱਥੇ ਮੌਜੂਦ ਵਿਦਿਆਰਥੀਆਂ ਨੇ ਖੜ੍ਹੇ ਹੋ ਕੇ ਫੀਸਾਂ ‘ਚ ਹੋਏ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। ਰੌਲਾ ਪੈਂਦਾ ਦੇਖ ਮੌਕੇ ‘ਤੇ ਮੌਜੂਦ ਪੁਲਿਸ ਨੇ ਵਿਦਿਆਰਥੀਆਂ ਨੂੰ ਆਪਣੇ ਘੇਰੇ ਵਿੱਚ ਲੈ ਲਿਆ ਅਤੇ ਇਸੇ ਦੌਰਾਨ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਸਟੇਜ ਛੱਡ ਕੇ ਚਲੇ ਗਏ।

ਵਿਦਿਆਰਥੀਆਂ ਤੋਂ ਪਹਿਲਾਂ ਵੱਖ ਵੱਖ ਅਧਿਆਪਕ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਫਿਲਹਾਲ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮੌਕੇ ਤੋਂ ਖਦੇੜ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।