ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ

0
55

ਲੁਧਿਆਣਾ (TLT) ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ । ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਕੋਟ ਮੰਗਲ ਸਿੰਘ ਦੇ ਰਹਿਣ ਵਾਲੇ ਚਰਨਕਵਲ ਸਿੰਘ , ਕਰਮਜੀਤ ਸਿੰਘ ਅਤੇ ਦਵਿੰਦਰ ਸਿੰਘ ਵਜੋਂ ਹੋਈ ਹੈ ।

ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਰਣਧੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਾਹਗੀਰਾਂ ਕੋਲੋਂ ਮੋਬਾਇਲ ਫੋਨ ਝਪਟਦੇ ਹਨ । ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਲੁੱਟੇ ਗਏ ਮੋਬਾਇਲ ਫੋਨ ਵੇਚਣ ਲਈ ਜਾ ਰਹੇ ਹਨ ।

ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਪਾਰਟੀ ਨੇ ਪ੍ਰਤਾਪ ਚੌਕ ਵਿਚ ਨਾਕਾਬੰਦੀ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ । ਤਲਾਸ਼ੀ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ‘ਚੋਂ ਵੱਖ-ਵੱਖ ਥਾਵਾਂ ਤੋਂ ਲੁੱਟੇ ਗਏ 16 ਮੋਬਾਇਲ ਫੋਨ ਬਰਾਮਦ ਕੀਤੇ ਗਏ । ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਵਾਰਦਾਤਾਂ ਵਿਚ ਵਰਤਿਆ ਜਾਣ ਵਾਲਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ । ਤਫ਼ਤੀਸ਼ੀ ਅਫ਼ਸਰ ਰਣਧੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਵਿਚ ਜੁਟ ਗਈ ਹੈ । ਪੁਲਿਸ ਨੂੰ ਉਮੀਦ ਹੈ ਕਿ ਦੌਰਾਨੇ ਤਫਤੀਸ਼ ਕਈ ਹੋਰ ਮਾਮਲਿਆਂ ਦੇ ਖੁਲਾਸੇ ਹੋ ਸਕਦੇ ਹਨ ।