ਬੇਅਦਬੀ ਦੀਆਂ ਘਟਨਾਵਾਂ ਚੋਣਾਂ ਨੇੜੇ ਹੀ ਕਿਉਂ ਵਾਪਰਦੀਆਂ? ਸੁਖਬੀਰ ਬਾਦਲ ਨੇ ਉਠਾਏ ਵੱਡੇ ਸਵਾਲ

0
57

ਬਠਿੰਡਾ (TLT) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਉੱਪਰ ਵੱਡੇ ਸਵਾਲ ਉਠਾਏ ਹਨ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਚੋਣਾਂ ਨੇੜੇ ਆਉਣ ’ਤੇ ਹੀ ਕਿਉਂ ਵਾਪਰਦੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਉੱਪਰ ਸੁਖਬੀਰ ਬਾਦਲ ਨੇ ਵੱਡੇ ਸਵਾਲ ਉਠਾਏ ਹਨ।

ਸੁਖਬੀਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਆਪਣੇ ਰਾਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿੱਚ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣੀ ਚਾਹੀਦੀ ਹੈ।

ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਤੇ ਤਿੰਨ ਕੁ ਦਿਨ ਪਹਿਲਾਂ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਗੁਟਕਾ ਸੁੱਟਣ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਅਤਿ-ਨਿੰਦਣਯੋਗ ਤੇ ਨਾ-ਬਰਦਾਸ਼ਤ ਕਰਨ ਯੋਗ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਹ ਘਟਨਾਵਾਂ ਸਾਜ਼ਿਸ਼ ਤਹਿਤ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।