ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਰਜਾ ਦੇਣ ਦਾ ਦਿੱਤਾ ਗਿਆ ਸੰਦੇਸ਼

0
29

 

ਜਲੰਧਰ 13 ਜਨਵਰੀ (ਰਮੇਸ਼ ਗਾਬਾ) ਕੁੜੀਆਂ ਨੂੰ ਮੁੰਡਿਆ ਦੇ ਬਰਾਬਰ ਦਾ ਦਰਜਾ ਦਿੰਦੇ ਹੋਏ ਸਿਹਤ ਵਿਭਾਗ ਜਲੰਧਰ ਵਲੋਂ ਸਿਵਲ ਸਰਜਨ ਦਫਤਰ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਨਵਜੰਮੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ। ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਵਲੋਂ ਨਵਜੰਮਿਆਂ ਬੱਚੀਆਂ ਦੇ ਮਾਪਿਆਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਤੋਹਫੇ ਦਿੱਤੇ ਗਏ। ਇਸ ਮੌਕੇ ਸਿਵਲ ਹਸਪਤਾਲ ਜਲੰਧਰ ਦੇ ਮੈਡੀਕਲ ਸੁਪਰਡੈਂਟ ਡਾ. ਕਮਲਪਾਲ ਸਿੱਧੂ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਡੀ.ਡੀ.ਐਚ.ਓ. ਡਾ. ਬਲਜੀਤ ਕੌਰ ਰੂਬੀ, ਡਿਪਟੀ ਮਾਸ ਮੀਡੀਆ ਅਫ਼ਸਰ ਪਰਮਜੀਤ ਕੌਰ, ਬੀ.ਈ.ਈ. ਰਾਕੇਸ਼ ਸਿੰਘ, ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਦੀਪਕ ਬਪੋਰੀਆ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਿਹਤ ਵਿਭਾਗ ਦਾ ਹੋਰ ਸਟਾਫ ਵੀ ਮੌਜੂਦ ਸੀ।

ਸਿਵਲ ਸਰਜਨ ਡਾ. ਰਣਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਵਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਧੀਆਂ ਦੀ ਲੋਹੜੀ ਮਨਾਈ ਜਾਂਦੀ ਹੈ। ਇਸ ਲੋਹੜੀ ਦਾ ਮਕਸਦ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਾ ਦਰਜਾ ਦਿੱਤੇ ਜਾਣ ਦਾ ਸੰਦੇਸ਼ ਦੇਣਾ ਹੈ। ਉਨ੍ਹਾਂ ਦੱਸਿਆ ਕਿ ਸਮਾਜ ਵਿੱਚ ਲੜਕੇ-ਲੜਕੀ ਦਾ ਭੇਦਭਾਵ ਖਤਮ ਕਰਕੇ ਦੋਵਾਂ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ “ਬੇਟੀ ਬਚਾਓ ਬੇਟੀ ਪੜ੍ਹਾਓ” ਵਿਸ਼ੇ ‘ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਸਮਾਜ ਵਿੱਚ ਕੁੜੀਆਂ ਦੇ ਨਾਲ ਹੁੰਦੇ ਵਿਤਕਰੇ ਨੂੰ ਰੋਕੀਏ ਅਤੇ ਉਨ੍ਹਾਂ ਨੂੰ ਅੱਗੇ ਵਧਣ ਵਿੱਚ ਮਦਦ ਕਰੀਏ।

ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫ਼ਸਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਡਾ. ਰਮਨ ਗੁਪਤਾ ਵਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਲੜਕੀ ਨੂੰ ਕੁੱਖ ‘ਚ ਹੀ ਕਤਲ ਕਰਨ ਦੇ ਘਿਨੋਣੇ ਕੰਮ ਦੀ ਨਿੰਦਾ ਕਰਦਾ ਹੈ ਅਤੇ ਪੀ.ਸੀ-ਪੀ.ਐਨ.ਡੀ.ਟੀ ਐਕਟ ਦੀ ਪਾਲਣਾ ਕਰਨਾ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਲੜਕੀਆਂ ਪ੍ਰਤੀ ਸਕਾਰਾਤਮਕ ਸੋਚ ਰੱਖਣ ਦੀ ਲੋੜ ਹੈ ਅਤੇ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆ ਨਾਲੋਂ ਘੱਟ ਨਹੀਂ ਹਨ। ਸਮਾਜਿਕ, ਰਾਜਨੀਤਿਕ, ਖੇਡਾਂ, ਕਲਾ, ਵਿਗਿਆਨ ਸਮੇਤ ਹਰ ਖੇਤਰ ਵਿੱਚ ਕੁੜੀਆਂ ਨੇ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ। ਹੁਣ ਲੋੜ ਹੈ ਤਾਂ ਸਾਡੇ ਸਾਰਿਆਂ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਤਾਂ ਜੋ ਉਨ੍ਹਾਂ ਨੂੰ ਵੀ ਬਰਾਬਰ ਦੇ ਮੌਕੇ ਮਿਲਣ ਅਤੇ ਉਹ ਪੜ੍ਹ-ਲਿਖ ਕੇ ਆਪਣਾ, ਮਾਪਿਆਂ ਦਾ ਅਤੇ ਸਮਾਜ ਦਾ ਨਾਂ ਰੋਸ਼ਨ ਕਰ ਸਕਣ