ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜੇਤੂ ਭਾਰਤੀ ਪਹਿਲਵਾਨ ਨਵਜੋਤ ਕੌਰ ਦਾ ਤਰਨਤਾਰਨ ਪੁੱਜਣ ’ਤੇ ਕੀਤਾ ਜ਼ੋਰਦਾਰ ਸਵਾਗਤ 

0
181
ਤਰਨਤਾਰਨ, (ਜੋਗਿੰਦਰ ਜੌੜਾ) ਬਿਸ਼ਕੇਕ (ਕਿਰਗਿਸਤਾਨ) ਵਿਖੇ ਆਯੋਜਿਤ ਹੋਈ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜੇਤੂ ਜ਼ਿਲ੍ਹਾ ਰਨਤਾਰਨ ਦੇ ਪਿੰਡ ਬਾਗੜੀਆ ਦੀ ਜੰਮਪਲ ਭਾਰਤੀ ਪਹਿਲਵਾਨ ਨਵਜੋਤ ਕੌਰ ਦਾ ਤਰਨਤਾਰਨ ਵਿਖੇ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੰਦੀਪ ਰਿਸ਼ੀ ਅਤੇ ਐਸ.ਡੀ.ਐਮ. ਤਰਨਤਾਰਨ ਡਾ. ਅਮਨਦੀਪ ਕੌਰ ਵੱਲੋਂ ਪਹਿਲਵਾਨ ਨਵਜੋਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਤੇ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਸਤਪਾਲ ਸਿੰਘ, ਕੋਚ ਅਸ਼ੋਕ ਕੁਮਾਰ, ਉਨ੍ਹਾਂ ਦੇ ਪਰਿਵਾਰਿਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਵੀ ਹਾਜ਼ਰ ਸਨ।  ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਨਵਜੋਤ ਕੌਰ ਨੇ ਆਪਣੇ ਮਾਪਿਆਂ ਤੇ ਪਿੰਡ ਦਾ ਹੀ ਨਹੀਂ ਬਲਕਿ ਪੂਰੇ ਭਾਰਤ ਦਾ ਨਾਂਅ ਦੁਨਿਆ ਵਿੱਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਇਹ ਬਹੁਤ ਵੱਡੀ ਮਾਣ ਵਾਲੀ ਗੱਲ ਹੈ ਕਿ ਸਰਹੱਦੀ ਜ਼ਿਲ੍ਹੇ ਦੇ ਪਿੰਡ ਬਾਗੜੀਆ ਦੀ ਜੰਮਪਲ ਨਵਜੋਤ ਕੌਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਹਾਸਿਲ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਖਿਡਾਰੀ ਬਣੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਕੌਰ ਦੀ ਇਹ ਪ੍ਰਾਪਤੀ ਸਮੁੱਚੇ ਦੇਸ਼ ਦੇ ਨਾਲ-ਨਾਲ ਜ਼ਿਲ੍ਹਾ ਤਰਨਤਾਰਨ ਦੇ ਨੌਜਵਾਨ ਲੜਕੀਆਂ ਤੇ ਲੜਕਿਆਂ ਲਈ ਪ੍ਰੇਰਣਾਸ੍ਰੋਤ ਬਣੇਗੀ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਲੜਕੀਆਂ ਲੜਕਿਆਂ ਨਾਲੋਂ ਹਰ ਖੇਤਰ ਵਿੱਚ ਅੱਗੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਧੀਆਂ ਨੂੰ ਹਰ ਖੇਤਰ ਵਿੱਚ ਵਧਣ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੀ ਯੋਗਤਾ ਸਿੱਧ ਕਰ ਸਕਣ। ਇਸ ਮੌਕੇ ਉਨ੍ਹਾਂ ਨਵਜੋਤ ਕੌਰ ਦੇ ਪਿਤਾ ਸੁਖਚੈਨ ਸਿੰਘ ਤੇ ਮਾਤਾ ਗਿਆਨ ਕੌਰ ਨੂੰ ਨਵਜੋਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਕੋਚ ਅਸ਼ੋਕ ਕੁਮਾਰ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ।

LEAVE A REPLY