ਡਿਪਟੀ ਕਮਿਸ਼ਨਰ ਵਲੋਂ ‘ਵਿਲਫੁੱਲ ਡਿਫ਼ਾਲਟਰਾਂ’ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ

0
328

ਮਾਲ ਅਧਿਕਾਰੀਆਂ ਨੂੰ ਬਕਾਇਆ ਕਰਜ਼ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਵਿੱਢਣ ਲਈ ਕਿਹਾ

ਜਲੰਧਰ (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਸਵੈ ਇੱਛਤ ਡਿਫਾਲਟਰਾਂ ਵਿਰੁੱਧ ਸਖਤ ਕਾਰਵਾਈ ਕਰਨ ਅਤੇ ਉਨਾਂ ਕੋਲੋਂ ਬਕਾਇਆ ਰਕਮਾਂ ਦੀ ਉਗਰਾਹੀ ਲਈ ਇਕ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ। ਅੱਜ ਇਥੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਣਬੁੱਝ ਕੇ ਕਰਜ਼ ਨਾ ਮੋੜਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇ ਅਤੇ ਉਨਾਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਨ ਦੀ ਕਾਰਵਾਈ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਬਕਾਇਆ ਕਰਜ਼ੇ ਦੀ ਉਗਰਾਹੀ ਨੂੰ ਪ੍ਰਮੁੱਖਤਾ ਦਿੱਤੀ ਜਾਵੇ ਤਾਂ ਜੋ ਸਰਕਾਰੀ ਪੈਸੇ ਦੀ ਮੁਕੰਮਲ ਉਗਰਾਹੀ ਹੋ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮਾਲ ਅਧਿਕਾਰੀ ਜਾਣਬੁੱਝ ਕੇ ਕਰਜ਼ ਨਾ ਮੋੜਨ ਵਾਲਿਆਂ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਉਨਾਂ ਕੋਲੋਂ ਕਰਜ਼ ਵਸੂਲੀ ਲਈ ਕਾਨੂੰਨ ਦੀਆਂ ਧਰਾਵਾਂ ਅਨੁਸਾਰ  ਤੇਜੀ ਨਾਲ ਕਾਰਵਾਈ ਮੁਕੰਮਲ ਕੀਤੀ ਜਾਵੇ। । ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂ ਜੋ ਸਰਕਾਰੀ ਪੈਸੇ ਦੀ ਦੁਰਵਰਤੋਂ ਕਾਨੂੰਨਨ ਜੁਰਮ ਹੈ। ਮੀਟਿੰਗ ਦੌਰਾਨ ਮੁੱਖ ਤੌਰ ਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ.ਪਰਮਵੀਰ ਸਿੰਘ, ਵਰਿੰਦਰਪਾਲ ਸਿੰਘ ਬਾਜਵਾ, ਨਵਨੀਤ ਕੌਰ ਬੱਲ, ਜ਼ਿਲ੍ਹਾ ਮਾਲ ਅਫ਼ਸਰ ਪੀ.ਐਸ.ਸਹੋਤਾ, ਮਾਲ ਅਧਿਕਾਰੀ ਹਰਵਿੰਦਰ ਸਿੰਘ, ਕੇ.ਐਸ.ਭੁੱਲਰ, ਗੁਰਪ੍ਰੀਤ ਸਿੰਘ, ਮਨੋਹਰ ਲਾਲ ਤੇ ਪ੍ਰਦੀਪ ਕੁਮਾਰ ਹਾਜ਼ਰ ਸਨ।

LEAVE A REPLY