ਸਿੱਖਿਆ ਮੰਤਰੀ ਪੰਜਾਬ ਨਵੇਂ ਚੁਣੇ ਸਰਪੰਚਾਂ-ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਚੱਲਣ ਦਾ ਸੱਦਾ

0
86

ਨਕੋਦਰ/ਜਲੰਧਰ (ਰਮੇਸ਼ ਗਾਬਾ)- ਸਿੱਖਿਆ ਮੰਤਰੀ ਪੰਜਾਬ ਸ੍ਰੀ ਓ.ਪੀ.ਸੋਨੀ ਵਲੋਂ ਸੂਬੇ ਦੇ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਚੱਲਣ ਦਾ ਸੱਦਾ ਦਿੱਤਾ ਹੈ। ਨਵੀਂ ਦਾਣਾ ਮੰਡੀ ਨਕੋਦਰ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ 880 ਸਰਪੰਚਾਂ, 5460 ਪੰਚਾਂ, 191 ਬਲਾਕ ਸੰਮਤੀ ਮੈਂਬਰਾਂ ਅਤੇ 21 ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਸਬੰਧੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਥਾਨਕ ਸਰਕਾਰਾਂ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਲੋਕਾਂ ਨੇ ਸੂਬੇ ਦੇ ਪਿੰਡਾਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੁਣੇ ਗਏ ਨੁਮਾਇੰਦਿਆਂ ਨੂੰ ਲੋਕਾਂ ਵਲੋਂ ਦਿੱਤੀ ਗਈ ਇਸ ਵੱਡੀ ਜਿੰਮੇਵਾਰੀ ਨੂੰ ਸਮਝਦੇ ਹੋਏ ਉਨਾਂ ਦੀਆਂ ਆਸਾਂ ਤੇ ਪੂਰਾ ਉਤਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਸੋਨੀ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਪੂਰੀ ਸਹਿਯੋਗ ਤੇ ਸਹਾਇਤਾ ਦੇਣ ਦਾ ਭਰੋਸਾ ਦੁਆਇਆ ਗਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਪਖੋਂ ਉਚਾਈਆਂ ’ਤੇ ਲੈ ਕੇ ਜਾਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਪਖੋਂ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਉਪਰਾਲੇ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਸ਼ੁਰੂ ਕੀਤੇ ਗਏ ਯਤਨਾਂ ਨੂੰ ਨਵੇਂ ਚੁਣੇ ਗਏ ਸਰਪਚੰਾਂ ਤੇ ਪੰਚਾਂ ਦੇ ਸਹਿਯੋਗ ਨਾਲ ਹੀ ਸਫ਼ਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸਦਕਾ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਸੂਬੇ ਨੂੰ ਪਹਿਲਾਂ ਹੀ ਨਸ਼ਾ ਮੁਕਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਨੌਜਵਾਨਾ ਦੀ ਭਰਤੀ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੀ ਉਸਾਰੂ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਵਰਤਿਆ ਜਾ ਸਕੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਵਿਭਾਗ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹੋਰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਇਨਾਂ ਦੋਵਾਂ ਵਿਭਾਗਾਂ ਦੇ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ 2200 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ ਅਤੇ 31 ਮਾਰਚ ਤੱਕ 5000 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸਕੂਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਕਿਸਾਨ ਕਰਜਾ ਰਾਹਤ ਸਕੀਮ ਨੂੰ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਸਕੀਮ ਅਧੀਨ ਹਰ ਕਿਸਾਨ ਨੂੰ ਲਾਭ ਪਹੰੁਚਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਬੇਰੁਜ਼ਗਾਰ ਨੌਜਵਾਨਾ ਲਈ ਘਰ-ਘਰ ਰੋਜ਼ਗਾਰ ਯੋਜਨਾ , 100 ਪ੍ਰਤੀਸ਼ਤ ਵਾਟਰ ਤੇ ਸੀਵਰੇਜ ਦੀ ਸਹੂਲਤ, ਵਪਾਰੀਆਂ ਲਈ ਨਵੀਂ ਉਦਯੋਗਿਕ ਨੀਤੀ ਲਿਆਉਣ ਤੋਂ ਇਲਾਵਾ ਹੋਰ ਲੋਕ ਭਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਪੂਰੀ ਲਗਨ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸਾਨੂੰ ਸਭ ਨੂੰ ਮਿਲ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨਾ ਪਵੇਗਾ। ਇਸ ਮੌਕੇ ਚੌਧਰੀ ਸੰਤੋਖ ਸਿੰਘ ਵਲੋਂ ਪੰਚਾਇਤੀ ਰਾਜ ਨੂੰ ਦੇਸ਼ ਖਾਸ ਕਰਕੇ ਸੂਬੇ ਵਿੱਚ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਦੀ ਭੂਮਿਕਾ ਨੂੰ ਯਾਦ ਕੀਤਾ ਗਿਆ। ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕਤੰਤਰ ਨੂੰ ਹੇਠਲੇ ਪੱਧਰ ਤੱਕ ਮਜਬੂਤ ਕਰਨ ਅਤੇ ਸ਼ਕਤੀਆਂ ਦੇ ਵਿਕੇਂਦਰੀਕਰਨ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਉਨਾਂ ਦੇ ਅਧਿਕਾਰਾਂ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਉਣ ਲਈ ਵੀ ਕਿਹਾ ਗਿਆ। ਇਸ ਮੌਕੇ ਚੌਧਰੀ ਸੰਤੋਖ ਸਿੰਘ ਵਲੋਂ ਲੋਕਤੰਤਰ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਔਰਤਾਂ ਨੂੰ ਸਸ਼ਕਤੀਕਰਨ ਦੀ ਵੀ ਸ਼ਲਾਘਾ ਕੀਤੀ ਗਈ। ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਰਗਟ ਸਿੰਘ, ਚੌਧਰੀ ਸੁਰਿੰਦਰ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਚੌਧਰੀ ਵਿਕਰਮ ਸਿੰਘ ਵਲੋਂ ਨਵੇਂ ਚੋਣੇ ਗਏ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਸੱਦਾ ਅਪੀਲ ਕੀਤੀ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਜਿੰਮੇਵਾਰੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਵਲੋੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦੇ ਸ਼ਸ਼ਕਤੀਕਰਨ ਲਈ 50 ਪ੍ਰਤੀਸ਼ਤ ਸੀਟਾਂ ਰਾਖਵੀਆਂ ਕਰਨ ਦੀ ਵੀ ਸ਼ਲਾਘਾ ਕੀਤੀ ਗਈ। ਇਸ ਮੌਕੇ ਚੇਅਰਮੈਨ ਮਾਰਕਫੈਡ ਸ੍ਰ.ਅਮਰਜੀਤ ਸਿੰਘ ਸਮਰਾ ਵਲੋਂ ਆਈਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ ਗਿਆ। ਸਾਬਕਾ ਵਿਧਾਇਕ ਸ੍ਰੀ ਜਗਬੀਰ ਸਿੰਘ ਬਰਾੜ ਵਲੋਂ ਲੋਕਾਂ ਦਾ ਧੰਨਵਾਦ ਕਰਦਿਆਂ ਵਾਤਾਵਰਣ ਨੂੰ ਸਵੱਛ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਨਾਲ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡੀ.ਆਈ.ਜੀ. ਐਸ.ਟੀ.ਐਫ. ਰਾਮ ਪਾਲ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵਲੋਂ ਸੂਬੇ ਦੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੰੁ ਚੁੱਕੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਚਿਨ ਗੁਪਤਾ, ਐਸ.ਪੀ. ਬਲਕਾਰ ਸਿੰਘ ਅਤੇ ਗੁਰਮੀਤ ਸਿੰਘ, ਸਬ ਡਵੀਜ਼ਨਲ ਮੈਜਿਸਟਰੇਟ ਪਰਮਵੀਰ ਸਿੰਘ, ਅਮਿਤ ਕੁਮਾਰ , ਵਰਿੰਦਰਪਾਲਸਿੰਘ ਬਾਜਵਾ, ਸੰਜੀਵ ਸ਼ਰਮਾ ਅਤੇ ਨਵਨੀਤ ਕੌਰ ਬੱਲ, ਜ਼ਿਲ੍ਹਾ ਕਾਂਗਰਸ ਪ੍ਰਧਾਨ (ਦਿਹਾਤੀ)ਸੁਖਵਿੰਦਰ ਸਿੰਘ ਲਾਲੀ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੈਪਟਲ ਹਰਮਿੰਦਰ ਸਿੰਘ , ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਸ਼ਵਿਨ ਭੱਲਾ, ਸਹਾਇਕ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਡਾ.ਜੈ ਇੰਦਰ ਸਿੰਘ, ਡੀ.ਐਸ.ਪੀ. ਪਰਮਿੰਦਰ ਸਿੰਘ, ਸੁਰਿੰਦਰ ਕੁਮਾਰ, ਦਿੱਗਵਿਜੈ ਕਪਿਲ, ਦਿਲਬਾਗ ਸਿੰਘ ਅਤੇ ਲਖਵੀਰ ਸਿੰਘ, ਮਾਲ ਅਫ਼ਸਰ ਅਦਿੱਤਿਆ ਗੁਪਤਾ, ਕੇ.ਐਸ.ਭੁੱਲਰ, ਇੰਦਰਦੇਵ ਸਿੰਘ ਮਿਨਹਾਸ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

LEAVE A REPLY