ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਕੀਰਤਨ ਸਮਾਗਮ 

0
179

ਜਲੰਧਰ, (ਰਮੇਸ਼ ਗਾਬਾ)—ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ 68ਵੇਂ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਵੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸ਼ਹੀਦੀ ਜੋੜ ਮੇਲੇ ਦੇ ਸਬੰਧ ‘ਚ ਗੁਰਦੁਆਰਾ ਸਾਹਿਬ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ ਤੇ ਰਾਤ ਸਮੇਂ ਰੌਸ਼ਨੀਆਂ ਗੁਰਦੁਆਰਾ ਸਾਹਿਬ ਦੀ ਦਿੱਖ ਨੂੰ ਹੋਰ ਵੀ ਸੁੰਦਰਤਾ ਪ੍ਰਦਾਨ ਕਰਦੀਆਂ ਹਨ | ਸ਼ਹੀਦੀ ਜੋੜ ਮੇਲੇ ਦੇ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਕਰ ਰਹੇ ਹਨ | ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਅਲੌਕਿਕ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਜੋਗਿੰਦਰ ਸਿੰਘ ਰਿਆੜ ਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਸਟੇਜ ਦੀ ਸੇਵਾ ਉੱਘੇ ਪੰਥਕ ਵਿਦਵਾਨ ਤੀਰਥ ਸਿੰਘ ਢਿੱਲੋਂ ਵਲੋਂ ਕੀਤੀ ਗਈ | ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਰਜਿੰਦਰ ਬੇਰੀ ਸਮੇਤ ਹੋਰਨਾਂ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਗਈ | ਇਸ ਮੌਕੇ ਉਹ ਨਵੇਂ ਬਣ ਰਹੇ ਲੰਗਰ ਹਾਲ ਦੀ ਇਮਾਰਤ ਨੂੰ ਦੇਖ ਕੇ ਕਾਫੀ ਪ੍ਰਭਾਵਿਤ ਹੋਏ | ਬਾਅਦ ‘ਚ ਰਸੀਵਰ ਕਰਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਚੌਧਰੀ ਸੰਤੋਖ ਸਿੰਘ, ਰਜਿੰਦਰ ਬੇਰੀ, ਤੀਰਥ ਸਿੰਘ ਢਿੱਲੋਂ ਅਤੇ ਤਰਲੋਚਨ ਸਿੰਘ ਟਾਇਰ ਹਾਊਸ ਵਾਲਿਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਕੂ ਆਹਲੂਵਾਲੀਆ, ਜਸਬੀਰ ਸਿੰਘ ਦਕੋਹਾ, ਗੁਰਦੁਆਰਾ ਸਾਹਿਬ ਦੀ ਮੈਨੇਜਰ ਬਲਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਵੀ ਮੌਜੂਦ ਸਨ | ਕਰਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਐਤਵਾਰ ਨੂੰ ਡੀ. ਸੀ. ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਸਬੰਧੀ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਐਤਵਾਰ 16 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਵਿਸ਼ੇਸ਼ ਢਾਡੀ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿਚ ਭਾਈ ਬਲਬੀਰ ਸਿੰਘ ਪਾਰਸ, ਭਾਈ ਚਰਨ ਸਿੰਘ ਆਲਮਗੀਰ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ | ਕਰਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਦੇ ਸਬੰਧ ‘ਚ ਐਸ. ਪੀ. (ਲੁਧਿਆਣਾ) ਦੀ ਅਗਵਾਈ ਹੇਠ ਕਰਵਾਏ ਜਾ ਰਹੇ ਖੇਡ ਮੇਲੇ ਦੇ ਅੱਜ ਦੂਸਰੇ ਦਿਨ ਕਬੱਡੀ ਆਲ ਓਪਨ ਦੇ ਮੁਕਾਬਲੇ ਕਰਵਾਏ ਗਏ ਜਦਕਿ 16 ਜੂਨ ਨੂੰ ਕੁਸ਼ਤੀਆਂ, ਕਬੱਡੀ ਅਤੇ ਵਾਲੀਬਾਲ ਦੇ ਮੈਚ ਹੋਣਗੇ |

LEAVE A REPLY