ਹੁਣ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਵੀ ਕਰਵਾਏਗੀ ਪੰਜਾਬ ਸਰਕਾਰ

0
38

ਮੋਗਾ, (TLT)- ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਹੁਣ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਕਰਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਲਈ ਹਰੇਕ ਜ਼ਿਲ੍ਹੇ ਵਿੱਚ ਇੰਟਰਵਿਊ ਅਤੇ ਬਾਇਓਡਾਟਾ ਆਦਿ ਤਿਆਰ ਕਰਾਉਣ ਲਈ ਮਾਹਿਰਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇ ਮੌਕੇ ਤਾਂ ਬਹੁਤ ਮੁਹੱਈਆ ਕਰਵਾਏ ਜਾ ਰਹੇ ਹਨ ਪਰ ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਕਿ ਨੌਜਵਾਨ ਕਈ ਕਾਰਨਾਂ ਕਰਕੇ ਇੰਟਰਵਿਊ ਵਿੱਚ ਪਛੜ ਜਾਂਦੇ ਹਨ ਜਾਂ ਆਪਣੇ ਆਪ ਨੂੰ ਜਾਂ ਆਪਣੀ ਯੋਗਤਾ ਨੂੰ ਸਿੱਧ ਕਰਨ ਵਿੱਚ ਅਸਫ਼ਲ ਰਹਿੰਦੇ ਹਨ। ਕਿਤੇ ਨਾ ਕਿਤੇ ਉਨ੍ਹਾਂ ਦੇ ਦਸਤਾਵੇਜ਼ਾਂ ਵਿੱਚ ਵੀ ਕਮੀ ਪੇਸ਼ੀ ਰਹਿ ਜਾਂਦੀ ਹੈ। ਪੰਜਾਬ ਸਰਕਾਰ ਇਨ੍ਹਾਂ ਕਮੀਆਂ ਪੇਸ਼ੀਆਂ ਨੂੰ ਦੂਰ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਤੋਂ ਪਹਿਲਾਂ ਇੰਟਰਵਿਊ ਦੀ ਤਿਆਰੀ ਕਰਾਉਣ ਲਈ ਵੱਖ-ਵੱਖ ਏਜੰਸੀਆਂ ਨਾਲ ਗੱਲ ਕਰ ਰਹੀ ਹੈ, ਜੋ ਇਨ੍ਹਾਂ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਨੌਜਵਾਨਾਂ ਦੀ ਸਖ਼ਸ਼ੀਅਤ ਉਸਾਰੀ (ਪ੍ਰਸਨੈਲਟੀ ਡਿਵੈੱਲਪਮੈਂਟ) ਅਤੇ ਦਸਤਾਵੇਜ਼ਾਂ ਦੀ ਤਿਆਰੀ ਆਦਿ ਕਰਾਉਣਗੀਆਂ। ਨੌਜਵਾਨਾਂ ਦੀ ਵਿਸ਼ੇਸ਼ ਤੌਰ ‘ਤੇ ਮਾਹਿਰਾਂ ਵੱਲੋਂ ਕੌਂਸਲਿੰਗ ਕਰਵਾਈ ਜਾਇਆ ਕਰੇਗੀ। ਜ਼ਿਲ੍ਹਾ ਦਫ਼ਤਰ ਵਿੱਚ ਏਜੰਸੀ ਅਤੇ ਮਾਹਿਰਾਂ ਦੀ ਤਾਇਨਾਤੀ ਜਲਦ ਕਰ ਦਿੱਤੀ ਜਾਵੇਗੀ। ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸੂਬੇ ਭਰ ਵਿੱਚ 19 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਪਹਿਲਾ ਰੋਜ਼ਗਾਰ ਮੇਲਾ 19 ਸਤੰਬਰ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਲਗਾਇਆ ਜਾ ਰਿਹਾ ਹੈ। ਜਿਨ੍ਹਾਂ ਲਈ ਤਿਆਰੀਆਂ ਹੁਣੇ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੰਦੀਪ ਹੰਸ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਸੰਪਰਕ ਵਿੱਚ ਆਉਣ ਵਾਲੇ ਉਦਯੋਗਪਤੀਆਂ, ਛੋਟੇ ਕਾਰੋਬਾਰੀਆਂ ਅਤੇ ਕੰਪਨੀਆਂ ਨੂੰ ਲੋੜੀਂਦੀ ਮਨੁੱਖੀ ਸ਼ਕਤੀ ਬਾਰੇ ਜਾਣਕਾਰੀ ਹਾਸਿਲ ਕਰਕੇ ਬਿਊਰੋ ਦਫ਼ਤਰ ਵਿਖੇ ਜਲਦ ਤੋਂ ਜਲਦ ਪਹੁੰਚਦੀ ਕਰਨ ਤਾਂ ਜੋ ਬਿਊਰੋ ਵਿਖੇ ਰਜਿਸਟਰਡ ਪ੍ਰਰਾਰਥੀਆਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ ਨੇ ਦੱਸਿਆ ਕਿ ਦੱਸਿਆ ਕਿ ਜਿਹੜੇ ਨੌਜਵਾਨ ਸਵੈ ਰੋਜ਼ਗਾਰ ਅਪਣਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਇਸ ਮੇਲੇ ਦੌਰਾਨ ਵੱਖ-ਵੱਖ ਬੈਕਾਂ ਵਲੋਂ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ। ਸੰਦੀਪ ਹੰਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਿਆਉਣ ਅਤੇ ਨੌਕਰੀ ਮੁਹੱਈਆ ਕਰਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ ਬੈਂਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਬਤਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ, ਉਪ ਮੰਡਲ ਮੈਸਿਟ੍ਰੇਟ ਮੋਗਾ ਗੁਰਬਿੰਦਰ ਸਿੰਘ ਜੌਹਲ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਡਾ. ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਪਲੇਸਮੈਟ ਅਫ਼ਸਰ ਸੋਨੀਆ ਬਾਜਵਾ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਪਿ੍ਰੰਸੀਪਲ ਹਰਦੇਵ ਸਿੰਘ, ਜ਼ਿਲ੍ਹਾ ਸਿੱਖਿਆ ਅਫਸ਼ਰ (ਸੈ) ਪਰਦੀਪ ਸ਼ਰਮਾ ਹਾਜ਼ਰ ਸਨ।

LEAVE A REPLY