ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲੇ 41006 ਲੋਕਾਂ ਨੂੰ 1.98 ਕਰੋੜ ਜੁਰਮਾਨਾ

0
15

ਜਲੰਧਰ, (ਰਮੇਸ਼ ਗਾਬਾ)ਕੋਵਿਡ -19 ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਸਕ ਪਾਉਣ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਹੁਣ ਤੱਕ ਮਾਸਕ ਨਾ ਪਾਉਣ ਵਾਲੇ 41006 ਵਿਅਕਤੀਆਂ ਨੂੰ 1.98 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਹੁਣ ਤੱਕ ਮਾਸਕ ਨਾ ਪਾਉਣ ‘ਤੇ 41006 ਚਲਾਨ ਕੀਤੇ ਗਏ ਹਨ ਅਤੇ ਉਲੰਘਣਾ ਕਰਨ ਵਾਲਿਆਂ ਤੋਂ 1,98,48,600 ਰੁਪਏ ਦਾ ਜੁਰਮਾਨਾ ਵਸੂਲਿਆ ਹੈ।
ਉਨ੍ਹਾਂ ਦੱਸਿਆ ਕਿ ਜਿਥੇ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 47 ਵਿਅਕਤੀਆਂ ਨੂੰ 88,000 ਰੁਪਏ ਜੁਰਮਾਨਾ ਕੀਤਾ ਗਿਆ ਹੈ ਉਥੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 454 ਵਿਅਕਤੀਆਂ ਨੂੰ 116600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 60125 ਟਰੈਫਿਕ ਚਲਾਨ ਕਰਕੇ 2463 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵੱਲੋਂ 87 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 177000 ਰੁਪਏ ਅਤੇ 38 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 20500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਜਦਕਿ 238 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ਤੇ 488000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 124 ਟਰੈਫਿਕ ਚਲਾਨ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵੱਲੋਂ ਅੱਜ 184 ਵਿਅਕਤੀਆਂ ਨੂੰ ਮਾਸਕ ਨਾ ਪਾਉਣ ‘ਤੇ 92000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਦੌਰਾਨ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਲਾਜ਼ਮੀ ਪਾਲਣਾ ਕੀਤੀ ਜਾਵੇ।

LEAVE A REPLY