ਕੈਪਟਨ ਦੀ ਖੱਟਰ ਨੂੰ ਅਪੀਲ- ਕਿਸਾਨਾਂ ਨੂੰ ਦਿੱਲੀ ਜਾਣ ਦਿਓ

0
58

ਚੰਡੀਗੜ੍ਹ, 26 ਨਵੰਬਰ-TLT/ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਦਿੱਲੀ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ ‘ਤੇ ਤਸ਼ੱਦਦ ਕਰਨ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਕੈਪਟਨ ਨੇ ਸਵਾਲ ਕਰਦਿਆਂ ਕਿਹਾ, ”ਹਰਿਆਣੇ ‘ਚ ਮਨੋਹਰ ਲਾਲ ਖੱਟਰ ਦੀ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕ ਰਹੀ ਹੈ?” ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਜੁਲਮ ਕਰਨਾ ਪੂਰੀ ਤਰ੍ਹਾਂ ਨਾਲ ਗ਼ੈਰ-ਜਮਹੂਰੀ ਅਤੇ ਗ਼ੈਰ-ਸੰਵਿਧਾਨਕ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, ”ਕਿਸਾਨ ਪਿਛਲੇ ਕਰੀਬ 2 ਮਹੀਨਿਆਂ ਤੋਂ ਪੰਜਾਬ ‘ਚ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਜ਼ਬਰਦਸਤੀ ਦਾ ਸਹਾਰਾ ਲੈ ਕੇ ਉਨ੍ਹਾਂ ਨੂੰ ਭੜਕਾ ਕਿਉਂ ਰਹੀ ਹੈ? ਕੀ ਕਿਸਾਨਾਂ ਨੂੰ ਅਧਿਕਾਰ ਨਹੀਂ ਹੈ ਕਿ ਉਹ ਜਨਤਕ ਹਾਈਵੇ ਤੋਂ ਸ਼ਾਂਤੀਪੂਰਵਕ ਲੰਘਣ?” ਕੈਪਟਨ ਨੇ ਅੱਗੇ ਕਿਹਾ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਮੌਕੇ ਕਿਸਾਨਾਂ ਦੇ ਸੰਵਿਧਾਨਕ ਅਧਿਕਾਰ ‘ਤੇ ਇਸ ਤਰੀਕੇ ਨਾਲ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀ ਆਵਾਜ਼ ਪਹੁੰਚਾਉਣ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੇਣ।