ਯੂਕੇ ਤੋਂ ਆਉਣ ਵਾਲੇ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕੀਤਾ ਜਾਵੇ : ਡੀਸੀ

0
91

 ਜਲੰਧਰ TLT/ ਯੂਕੇ ‘ਚ ਨਵੇਂ ਸਟਰੇਨ ਵਾਇਰਸ ਦੇ ਸਾਹਮਣੇ ਆਉਣ ‘ਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੂਕੇ ਤੋਂ ਆਉਣ ਵਾਲੇ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੱਤਰ ਨੈਸ਼ਨਲ ਹੈਲਥ ਮਿਸ਼ਨ ਰਾਜੇਸ਼ ਭੂਸ਼ਣ ਵੱਲੋਂ ਸਿਹਤ ਸਬੰਧੀ ਅਗਵਾਈ ਲੀਹਾਂ ਪ੍ਰਰਾਪਤ ਹੋਈਆਂ ਹਨ, ਜਿਸ ‘ਚ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਉਪਾਵਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਇਨ੍ਹਾਂ ਕਦਮਾਂ ‘ਚ ਯੂਨਾਈਟਿਡ ਕਿੰਗਡਮ ਤੋਂ ਪਰਤੇ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਕੀਤਾ ਜਾਣਾ ਲਾਜ਼ਮੀ ਹੈ। ਜਿਹੜਾ ਯਾਤਰੀ ਪਾਜ਼ੇਟਿਵ ਪਾਇਆ ਜਾਂਦਾ ਹੈ ਉਸ ਨੂੰ ਇਲਾਜ ਲਈ ਸਿਹਤ ਸੰਸਥਾਵਾਂ ਵਿਚ ਭੇਜਿਆ ਜਾਵੇ ਅਤੇ ਨੈਗੇਟਿਵ ਪਾਏ ਗਏ ਯਾਤਰੀਆਂ ਨੂੰ ਸਖ਼ਤੀ ਨਾਲ ਘਰਾਂ ‘ਚ ਸੱਤ ਦਿਨਾਂ ਲਈ ਇਕਾਂਤਵਾਸ ਵਿਚ ਰੱਖਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਦੱਸਿਆ ਕਿ ਘਰਾਂ ਵਿਚ ਇਕਾਂਤਵਾਸ ਕੀਤੇ ਗਏ ਅਜਿਹੇ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਲਈ ਵਿਆਪਕ ਯੋਜਨਾ ਬਣਾਈ ਜਾਵੇ ਅਤੇ ਅਜਿਹੇ ਵਿਅਕਤੀਆਂ ਦੇ ਆਰਟੀ-ਪੀਸੀਆਰ ਟੈਸਟ ਨੂੰ ਯਕੀਨੀ ਬਣਾਇਆ ਜਾਵੇ। ਇਕਾਂਤਵਾਸ ਕੀਤੇ ਗਏ ਵਿਅਕਤੀਆਂ ਵਿਚ ਜੇਕਰ ਵਾਇਰਸ ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਉੱਚ ਅਥਾਰਟੀ ਨੂੰ ਸੂਚਿਤ ਕੀਤਾ ਜਾਵੇ। ਇਸ ‘ਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਦੋਸ਼ੀ ਪਾਏ ਗਏ ਅਮਲੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।