ਪਹਿਲੇ ਪੜਾਅ ਅਧੀਨ ਮੁਕੰਮਲ ਕੀਤੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ : ਡਿਪਟੀ ਕਮਿਸ਼ਨਰ

0
46

ਅਧਿਕਾਰੀਆਂ ਨੂੰ ਪਹਿਲੇ ਪੜਾਅ ਅਧੀਨ ਮੁਕੰਮਲ ਪ੍ਰਾਜੈਕਟਾਂ ਦੇ ਸਮੁੱਚੇ ਵਰਤੋਂ ਸਰਟੀਫਿਕੇਟ ਤੁਰੰਤ ਪੇਸ਼ ਕਰਨ ਲਈ ਕਿਹਾ
ਜਲੰਧਰ, 16 ਅਪ੍ਰੈਲ (ਰਮੇਸ਼ ਗਾਬਾ)
ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਦੋਵਾਂ ਪੜਾਵਾਂ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਬੰਧਤ ਵਿਭਾਗਾਂ ਨੂੰ ਪਹਿਲੇ ਪੜਾਅ ਅਧੀਨ ਮੁਕੰਮਲ ਕੀਤੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਉਣ ਅਤੇ ਨਾਲ ਹੀ ਦੂਜੇ ਪੜਾਅ ਅਧੀਨ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੋਵਾਂ ਪੜਾਵਾਂ ਅਧੀਨ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ ਅਤੇ ਹੁਣ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਕਾਰਜਕਾਰੀ ਏਜੰਸੀਆਂ ਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਦੋਂ ਤੋਂ ਇਸ ਸਕੀਮ ਦਾ ਪਹਿਲਾ ਪੜਾਅ ਮੁਕੰਮਲ ਹੋਇਆ ਹੈ, ਤੁਰੰਤ ਪ੍ਰਭਾਵ ਨਾਲ ਵਿਭਾਗਾਂ ਵੱਲੋਂ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਏ ਜਾਣਗੇ। ਉਨ੍ਹਾਂ ਕਿਸੇ ਵੀ ਕਿਸਮ ਦੀ ਦੇਰੀ ਦੇ ਮਾਮਲੇ ਵਿੱਚ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੜਾਅ -2 ਅਧੀਨ ਸਰਕਾਰ ਵੱਲੋਂ ਸਥਾਨਕ ਸੰਸਥਾਵਾਂ ਵਿਭਾਗ ਨੂੰ 3136.82 ਲੱਖ ਰੁਪਏ ਦੇ 255 ਕਾਰਜ ਪ੍ਰਵਾਨ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ 248 ਕੰਮਾਂ ਦੇ ਟੈਂਡਰ ਅਲਾਟ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 220 ਕੰਮ ਵੱਖ-ਵੱਖ ਏਜੰਸੀਆਂ ਵੱਲੋਂ ਸ਼ੁਰੂ ਕੀਤੇ ਹਨ ਅਤੇ ਹੁਣ ਤੱਕ 94 ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ। ਇਸੇ ਤਰ੍ਹਾਂ 6736.93 ਕਰੋੜ ਰੁਪਏ ਦੇ 182 ਕਾਰਜ ਐਮ. ਸੀ. ਜਲੰਧਰ ਲਈ ਪ੍ਰਵਾਨ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 175 ਕੰਮ ਨਿਗਮ ਵੱਲੋਂ ਅਲਾਟ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟਾਂ ਨੂੰ ਉਨ੍ਹਾਂ ਦਫ਼ਤਰ ਵਿਚ ਜਮ੍ਹਾ ਕਰਵਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬਸੇਰਾ ਸਕੀਮ ਅਧੀਨ ਝੁੱਗੀ-ਝੌਂਪੜੀ ਵਾਲਿਆਂ ਨੂੰ ਮਾਲਕੀ ਦੇ ਅਧਿਕਾਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਸਕੀਮ ਅਧੀਨ ਲਟਕਦੀਆਂ ਸਾਰੀਆਂ ਤਜਵੀਜ਼ਾਂ ਨੂੰ ਜਲਦੀ ਪੂਰਾ ਕਰਨ ਲਈ ਵੀ ਕਿਹਾ।