ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ: ਸ਼੍ਰੋਮਣੀ ਕਮੇਟੀ

0
29

ਅੰਮ੍ਰਿਤਸਰ (TLT) ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਤਿਆਰੀਆਂ ਮੁਕੰਮਲ ਸਨ। ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।