ਜਲੰਧਰ `ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਰੁੱਧ ਕਾਂਗਰਸੀਆਂ ਖੜਕਾਏ ਭਾਂਡੇ

0
17

ਜਲੰਧਰ (ਹਰਪ੍ਰੀਤ ਕਾਹਲੋਂ) ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਉਤੇ ਕੋਈ ਕੰਟਰੋਲ ਨਹੀਂ ਰਿਹਾ ਅਤੇ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤਕ ਪੁੱਜ ਗਈ ਹੈ। ਉਨ੍ਹਾਂ ਕਿਹਾ ਕਿ ਅੱਛੇ ਦਿਨ ਲਿਆਉਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਭਾਰਤੀ ਜਨਤਾ ਪਾਰਟੀ ਨੇ ਭਾਰਤੀਆਂ ਨੂੰ ਆਜ਼ਾਦੀ ਤੋਂ ਬਾਅਦ ਹੁਣ ਤਕ ਦੇ ਸਭ ਤੋਂ ਮਾੜੇ ਦਿਨ ਦਿਖਾ ਦਿੱਤੇ ਹਨ। ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਦੇ ਨਾਲ ਹੀ ਮਹਿੰਗਾਈ ਵੀ ਵਧ ਜਾਂਦੀ ਹੈ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਗਈਆਂ ਹਨ। ਕੇਂਦਰ ਸਰਕਾਰ ਦੇ ਇਸ ਲੋਕ ਵਿਰੋਧੀ ਫੈਸਲਿਆਂ ਕਾਰਨ ਆਮ ਜਨਤਾ ਮਹਿੰਗਾਈ ਦੀ ਚੱਕੀ ਵਿਚ ਪੀਸੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ਵਿਚ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਰਾਜਿੰਦਰ ਬੇਰੀ, ਬਲਦੇਵ ਸਿੰਘ ਦੇਵ ਤੇ ਹੋਰ ਹਾਜ਼ਰ ਸਨ।