ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਾਰਕੋ ਟੈਸਟ ਜਰੂਰੀ-ਸੰਧਵਾਂ

0
64

ਚੰਡੀਗੜ੍ਹ (TLT) ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਾਰਕੋ ਟੈਸਟ ਜਰੂਰ ਕਰਾਇਆ ਜਾਵੇ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਭ ਦੋਸੀਆਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਕ੍ਰਿਆ ਦੇ ਨਾਂਅ ‘ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕ੍ਰਿਆ ਪੂਰੀ ਤਰ੍ਹਾਂ ਨਾਲ ਹਮੇਸ਼ਾ ਦੇ ਲਈ ਖਤਮ ਹੋ ਜਾਵੇ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਨਾ ਹੀ ਕਿਸੇ ਦੋਸ਼ੀ ਨੂੰ ਸਜਾ ਦਿੱਤੀ ਗਈ। ਆਪ ਆਗੂ ਨੇ ਕਿਹਾ ਕਿ ਕੇਵਲ ਜਾਂਚ ਕਮੇਟੀਆਂ ਹੀ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਬੇਅਬਦੀ ਦੇ ਦੋਸੀਆਂ, ਸਾਜਿਸਘਾੜਿਆਂ ਅਤੇ ਦੋਸੀਆਂ ਨੂੰ ਬਚਾਉਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ।