ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਤਨਵੀ ਨੂੰ ਬੈਂਕ ਵਿੱਚ ਦਿਵਾਈ ਸੀਨੀਅਰ ਅਫ਼ਸਰ ਦੀ ਨੌਕਰੀ

0
44

ਬਿਊਰੋ ਦੀ ਬਦੌਲਤ ਆਪਣੀ ਯੋਗਤਾ ਅਨੁਸਾਰ ਨੌਕਰੀ ਹਾਸਲ ਕਰਨ ਵਿੱਚ ਕਾਮਯਾਬ ਹੋ ਸਕੀ : ਤਨਵੀ
ਜਲੰਧਰ (ਰਮੇਸ਼ ਗਾਬਾ)

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੁਮਿਕਾ ਨਿਭਾਈ ਜਾ ਰਹੀ ਹੈ, ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਬਿਊਰੋ ਵੱਲੋਂ ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਨੌਕਰੀਆਂ ਦੇ ਅਵਸਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਵਿੱਚ ਮਦਦ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਲੰਧਰ ਦੀ ਰਹਿਣ ਵਾਲੀ ਤਨਵੀ ਪੁੱਤਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਬੀ.ਕਾਮ ਪਾਸ ਹੈ ਅਤੇ ਡਿਗਰੀ ਮੁਕੰਮਲ ਕਰਨ ਤੋਂ ਬਾਅਦ ਕਾਫੀ ਸਮੇਂ ਤੋਂ ਆਪਣੀ ਯੋਗਤਾ ਦੇ ਮੁਤਾਬਕ ਚੰਗੀ ਨੌਕਰੀ ਦੀ ਤਲਾਸ਼ ਕਰ ਰਹੀ ਸੀ ਪਰ ਉਸ ਨੂੰ ਕਿਤੇ ਵੀ ਕੋਈ ਵਧੀਆ ਨੌਕਰੀ ਨਹੀਂ ਮਿਲੀ।
ਉਸ ਨੇ ਅੱਗੇ ਦੱਸਿਆ ਕਿ ਕਾਫੀ ਸਮਾਂ ਨੌਕਰੀ ਦੀ ਭਾਲ ਕਰਨ ਤੋਂ ਬਾਅਦ ਇਕ ਦਿਨ ਉਸ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕੀਤੀ, ਜਿਥੇ ਉਸ ਦੀ ਆਨਲਾਈਨ ਅਤੇ ਮੈਨੂਅਲ ਰਜਿਸਟਰੇਸ਼ਨ ਕਰਵਾਈ ਗਈ ਅਤੇ ਕੋਵਿਡ-19 ਦੇ ਚੱਲਦਿਆਂ ਬਿਊਰੋ ਦੇ ਦਫ਼ਤਰ ਵਿਖੇ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।
ਤਨਵੀ ਨੇ ਦੱਸਿਆ ਕਿ ਪਲੇਸਮੈਂਟ ਅਫ਼ਸਰ ਵੱਲੋਂ ਉਸ ਨੂੰ ਆਈ.ਸੀ.ਆਈ.ਸੀ.ਆਈ. ਬੈਂਕ ਦਾ ਵੈਬੀਨਾਰ ਅਟੈਂਡ ਕਰਨ ਲਈ ਕਿਹਾ ਗਿਆ, ਜਿਸ ਵਿੱਚ ਸੀਨੀਅਰ ਅਫ਼ਸਰ ਦੀ ਪ੍ਰੋਫਾਈਲ ਬਾਰੇ ਜਾਣਕਾਰੀ ਦਿੱਤੀ ਗਈ । ਉਸ ਨੇ ਦੱਸਿਆ ਕਿ ਉਸ ਵੱਲੋਂ ਇਸ ਅਹੁਦੇ ਲਈ ਇੰਟਰਵਿਊ ਦਿੱਤੀ ਗਈ, ਜਿਸ ਤੋਂ ਬਾਅਦ ਬੈਂਕ ਨੇ 2.40 ਲੱਖ ਸਾਲਾਨਾ ਤਨਖਾਹ ‘ਤੇ ਉਸ ਦੀ ਸੀਨੀਅਰ ਅਫ਼ਸਰ ਦੇ ਅਹੁਦੇ ਲਈ ਚੋਣ ਕਰ ਲਈ ।
ਉਸ ਨੇ ਕਿਹਾ ਕਿ, ”ਮੈਂ ਜਿਸ ਤਰ੍ਹਾਂ ਦੀ ਨੌਕਰੀ ਕਰਨਾ ਚਾਹੁੰਦੀ ਸੀ, ਬਿਊਰੋ ਦੀ ਬਦੌਲਤ ਮੈਨੂੰ ਉਸੇ ਤਰ੍ਹਾਂ ਦੀ ਨੌਕਰੀ ਕਰਨ ਦਾ ਮੌਕਾ ਮਿਲਿਆ ਹੈ । ਮੈਂ ਆਪਣੀ ਯੋਗਤਾ ਦੇ ਮੁਤਾਬਕ ਨੌਕਰੀ ਹਾਸਲ ਕਰ ਕੇ ਬਹੁਤ ਖੁਸ਼ ਹਾਂ। ”
ਤਨਵੀ ਨੇ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ, ”ਮੈਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਮੈਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦੇ ਸਮਰੱਥ ਬਣਾਇਆ ਅਤੇ ਕੋਵਿਡ-19 ਸੰਕਟ ਦੇ ਦੌਰ ਵਿੱਚ ਨੌਕਰੀ ਹਾਸਲ ਕਰਨ ਵਿੱਚ ਮੇਰੀ ਮਦਦ ਕੀਤੀ ।”
ਉਸ ਨੇ ਸਮੂਹ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਨਿਰਭਰ ਬਣਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਬਿਊਰੋ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਿਥੇ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾ ਰਹੇ ਹਨ ਉਥੇ ਨੌਜਵਾਨ ਲੜਕੇ-ਲੜਕੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਉਨ੍ਹਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ।