ਰਾਜ ਦੇ ਸਕੂਲਾਂ ਵਿੱਚ 5896 ਹੋਰ ਅਧਿਆਪਕਾਂ ਦੀ ਭਰਤੀ ਜਲਦੀ ਹੋਵੇਗੀ ਸ਼ੁਰੂ-ਸਿੱਖਿਆ ਮੰਤਰੀ

0
52

ਰਾਜ ਪੱਧਰੀ ਵਰਚੂਅਲ ਸਮਾਗਮ ਦੌਰਾਨ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਤਰਨ ਤਾਰਨ ਜ਼ਿਲੇ ਨਾਲ ਸਬੰਧਿਤ ਮਾਸਟਰ ਕੇਡਰ ਦੇ ਨਵ-ਨਿਯੁਕਤ 22 ਅਧਿਆਪਕਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਨਿਯੁੁਕਤੀ ਪੱਤਰ

ਤਰਨ ਤਾਰਨ (TLT) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਕਰਵਾਏ ਇੱਕ ਵਰਚੂਅਲ ਸਮਾਗਮ ਦੌਰਾਨ ਸਿੱਖਿਆ ਮੰਤਰੀ ਪੰਜਾਬ, ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੇ ਸਕੂਲਾਂ ਵਿੱਚ 5896 ਹੋਰ ਅਧਿਆਪਕਾਂ ਦੀ ਭਰਤੀ ਜਲਦੀ ਕਰਨ ਜਾ ਰਹੀ ਹੈ।
ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 12461 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਜਦ ਕਿ 13768 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਇਲਾਵਾ ਅੱਜ ਵੀ 2392 ਮਾਸਟਰ ਕੇਡਰ ਅਤੇ 569 ਲੈਕਚਰਾਰ ਕੇਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਹਨ।
ਇਸ ਮੌਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਸਮੇਤ ਸਮੂਚੇ ਸਟਾਫ ਦੀ ਮਿਹਨਤ ਨਾਲ ਹੀ ਸਿੱਖਿਆ ਖੇਤਰ ਵਿਚ ਪੰਜਾਬ ਨੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨਾਂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੀਕੇ ਸਿੱਖਿਆ ਦੇ ਪੱਧਰ ਨਾਲ ਜੁੜੀ ਹੁੰਦੀ ਹੈ ਅਤੇ ਇਸ ਲਈ ਰਾਜ ਸਰਕਾਰ ਸਿੱਖਿਆ ਸੁਧਾਰਾਂ ਤੇ ਵਿਸੇਸ਼ ਤਰਜੀਹ ਦੇ ਰਹੀ ਹੈ।
ਉਨਾਂ ਨੇ ਕਿਹਾ ਕਿ ਰਾਜ ਸਰਕਾਰ ਦੀ ਆਨਲਾਈਨ ਅਧਿਆਪਕ ਬਦਲੀ ਨੀਤੀ ਦੂਜੇ ਸੂਬੇ ਵੀ ਲਾਗੂ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿਚ ਵਿਦਿਆ ਦੇ ਮਿਆਰ ਵਿਚ ਸੁਧਾਰ ਆਉਣ ਤੋਂ ਬਾਅਦ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਵਿਚ ਵੱਡਾ ਵਾਧਾ ਹੋਇਆ ਹੈ।
ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵੀ ਵਰਚੂਅਲ ਸਮਾਗਮ ਦੌਰਾਨ ਸੰਬੋਧਨ ਕੀਤਾ।
ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਤਰਨ ਤਾਰਨ ਜ਼ਿਲੇ ਨਾਲ ਸਬੰਧਤ ਮਾਸਟਰ ਕੇਡਰ ਦੇ ਨਵ-ਨਿਯੁਕਤ 22 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਉਹਨਾਂ ਚੁਣੇ ਗਏ ਅਧਿਆਪਕਾਂ ਨੂੰ ਕਿਹਾ ਕਿ ਉਹ ਨਰੋਏ ਸਮਾਜ ਦੀ ਸਿਰਜਣਾ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਹਰਚਰਨਜੀਤ ਕੌਰ, ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੁਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ, ਚੇਅਰਮੈਨ ਰਣਜੀਤ ਸਿੰਘ, ਕਾਂਗਰਸੀ ਆਗੂ ਸਾਧੂ ਸਿੰਘ ਚੰਬਲ ਵੀ ਹਾਜ਼ਰ ਸਨ।