ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲਾਗੂ ਕਰਨ ’ਚ ਮੋਹਰਲੀ ਪੁਜ਼ੀਸ਼ਨ ਨੂੰ ਬਰਕਰਾਰ ਰੱਖਿਆ ਜਾਵੇ: ਡਿਪਟੀ ਕਮਿਸ਼ਨਰ

0
80

ਵੱਖ-ਵੱਖ ਵਿਭਾਗਾਂ ਪਾਸੋਂ 65 ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕਿਹਾ, ਲੋਕਾਂ ਦੀ ਭਲਾਈ ਲਈ ਸਕੀਮਾਂ ਨੂੰ ਲਾਗੂ ਕਰਨਾ ਜ਼ਿਲਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ


ਜਲੰਧਰ (ਰਮੇਸ਼ ਗਾਬਾ)
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜਲੰਧਰ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਯਤਨਾਂ ਨੂੰ ਜਾਰੀ ਰੱਖਿਆ ਜਾਵੇ ਤਾਂ ਜੋ ਸੂਬੇ ਵਿੱਚ ਮੋਹਰਲੀ ਪੁਜੀਸ਼ਨ ਨੂੰ ਬਰਕਰਾਰ ਰੱਖਿਆ ਜਾ ਸਕੇ।
ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੂਬਾ ਅਤੇ ਕੇਂਦਰ ਦੇ ਵਿਭਾਗਾਂ ਵਲੋਂ ਸਮਾਜ ਦੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ 65 ਅਹਿਮ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਇਹ ਵੀ ਦੁਹਰਾਇਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਇਨਾਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਇਸ ਟੀਚੇ ਨੂੰ ਹਾਸਿਲ ਕਰਨ ਲਈ ਹਰੇਕ ਅਧਿਕਾਰੀ ਵਲੋਂ ਸਕਰਾਤਮਕ ਪਹੁੰਚ ਨੰੂ ਅਪਣਾਇਆ ਜਾਵੇ।
ਥੋਰੀ ਨੇ ਜ਼ਿਕਰ ਕੀਤਾ ਕਿ ਸੂਬਾ ਸਰਕਾਰ ਵਲੋਂ ਜਾਰੀ ਕੀਤੇ ਗਏ ਕੀ ਪ੍ਰਫਾਰਮੈਂਟ ਇਨਡੈਕਸ (ਕੇਪੀਆਈਸ) ਵਿੱਚ ਜਲੰਧਰ ਵਲੋਂ ਓਵਰਆਲ ਦੂਸਰੀ ਪੁਜੀਸ਼ਨ ਹਾਸਿਲ ਕੀਤੀ ਗਈ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਭਰ ਵਿੱਚ ਮੋਹਰੀ ਜ਼ਿਲਾ ਬਣਨ ਲਈ ਇਨਾਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਹੋਰ ਯਤਨ ਕੀਤੇ ਜਾਣ। ਉਨਾਂ ਕਿਹਾ ਕਿ ਇਸ ਕਾਜ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਢਿੱਲੀ ਕਾਰਗੁਜਾਰੀ ਵਾਲੇ ਕਰਮਚਾਰੀਆਂ ਦੀ ਜਵਾਬ ਤਲਬੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਥੇ ਜ਼ਿਲੇ ਨੂੰ ਘੱਟ ਰੈਂਕਿੰਗ ’ਤੇ ਰੱਖਿਆ ਗਿਆ ਹੈ ਉਥੇ ਵਿਭਾਗਾਂ ਨੂੰ ਹੋਰ ਜ਼ਿਆਦਾ ਮਿਹਨਤ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਉਨਾਂ ਵਲੋਂ ਨਿੱਜੀ ਤੌਰ ’ਤੇ ਪ੍ਰਗਤੀ ਦਾ ਰੋਜ਼ਾਨਾ ਜਾਇਜ਼ਾ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸੇਵਾ ਕੇਂਦਰ, ਸ਼ਿਕਾਇਤ ਨਿਵਾਰਣ, ਪੇਂਡੂ ਵਿਕਾਸ, ਰੋਜ਼ਗਾਰ ਜਨਰੇਸ਼ਨ ਅਤੇ ਸਿਖਲਾਈ, ਮਾਲ ਅਤੇ ਮੁੜ ਵਸੇਬਾ, ਮੰਡੀ ਬੋਰਡ, ਖੇਤੀਬਾੜੀ,ਪੰਜਾਬ ਸਿਕਾਇਤ ਨਿਵਾਰਣ ਪ੍ਰਣਾਲੀ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ(ਐਮ.ਜੀ.ਐਸ.ਵੀ.ਵਾਈ) , ਸਮਾਰਟ ਵਿਲੇਜ ਕੰਪੇਨ, ਮਿਸ਼ਨ ਅਨਤੋਦਿਆ, ਸਕਿਲ ਡਿਵੈਲਪੈਂਟ ਮਿਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਜ਼ਮੀਨਾਂ ਦਾ ਇੰਤਕਾਜ, ਈ-ਨਾਮ ਅਤੇ ਹੋਰਨਾਂ ਵਿਭਾਗਾਂ ਵਲੋਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਨਾਗਰਿਕ ਸੇਵਾਵਾਂ ਨੂੰ ਲੋਕਾਂ ਤੱਕ ਪਹੰੁਚਾਉਣ ਅਤੇ ਜੀਰੋ ਪੈਂਡੇਂਸੀ ਨੂੰ ਬਰਕਰਾਰ ਰੱਖਣ ਦੇ ਟੀਚੇ ਨੂੰ ਹਾਸਿਲ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ ਰਜਤ ਓਬਰਾਏ, ਅਮਰਜੀਤ ਬੈਂਸ ਅਤੇ ਸਮੂਹ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।