ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਅੱਜ ਤੜਕੇ ਘੇਰੀ ਪਰਗਟ ਸਿੰਘ ਦੀ ਰਿਹਾਇਸ਼

0
56

ਜਲੰਧਰ(ਰਮੇਸ਼ ਗਾਬਾ) ਸਿੱਖਿਆ ਵਿਭਾਗ ਵਿਚ ਬੀਐੱਡ ਦੀਆਂ ਪੰਜਾਬੀ, ਐੱਸਐੱਸਟੀ ਤੇ ਹਿੰਦੀ ਅਧਿਆਪਕਾਂ ਦੀਆਂ 9000 ਅਸਾਮੀਆਂ ਦੀ ਮੰਗ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਬੱਸ ਅੱਡੇ ਦੀ ਪਾਣੀ ਵਾਲੀ ਟੈਂਕੀ ਉਪਰ ਤੇ ਹੇਠਾਂ ਮੋਰਚਾ ਲਾਈ ਬੈਠੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਫਿਰ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕਰ ਦਿੱਤਾ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਵੇਰੇ ਕਰੀਬ ਸਾਢੇ ਛੇ ਵਜੇ ਬੱਸ ਅੱਡੇ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ ਤੇ ਨਾਅਰੇਬਾਜ਼ੀ ਕਰਦੇ ਹੋਏ ਮੰਤਰੀ ਦੇ ਘਰ ਬਾਹਰ ਪੁੱਜੇ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਿੰਗ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਪੁਲਿਸ ਨੇ ਧਰਨਾਕਾਰੀਆਂ ਨੂੰ ਧੂਹ ਧੂਹ ਕੇ ਬਾਹਰ ਕੱਢ ਦਿੱਤਾ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵਿਚਾਲੇ ਕਾਫ਼ੀ ਖਿੱਚ ਧੂਹ ਹੋਈ। ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਤੇ ਅਮਨ ਸੇਖਾ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀ ਬੱਸ ਅੱਡੇ ਦੀ ਪਾਣੀ ਵਾਲੀ ਟੈਂਕੀ ਉਪਰ ਮੋਰਚਾ ਲਾਈ ਬੈਠੇ ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਪਰ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਲਾਰਿਆਂ ਤੋਂ ਇਲਾਵਾ ਕੁਝ ਨਹੀਂ ਕਰ ਰਹੇ। ਉਨ੍ਹਾਂ ਨੂੰ ਵਾਰ-ਵਾਰ ਸਿਰਫ਼ ਭਰੋਸੇ ਦੇ ਕੇ ਤੋਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਦੇ ਇਸ ਗੁਪਤ ਐਕਸ਼ਨ ਤਹਿਤ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘੇਰਾਓ ਕੀਤਾ ਗਿਆ ਹੈ ਜਿਸ ਦੌਰਾਨ ਪੁਲਿਸ ਵੱਲੋਂ ਧਰਨਾਕਾਰੀਆਂ ਨਾਲ ਖਿੱਚਧੂਹ ਕੀਤੀ ਗਈ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਵੇਗਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।