ਜ਼ਿਲ੍ਹਾ ਪ੍ਰਸ਼ਾਸਨ ਨੇ ਜਲੰਧਰ ‘ਚ ਕੋਵਿਡ-19 ਪੀੜਤਾਂ ਦੇ 372 ਆਸ਼ਰਿਤਾਂ ਨੂੰ ਮੁਹੱਈਆ ਕਰਵਾਈ ਐਕਸ-ਗ੍ਰੇਸ਼ੀਆ ਰਾਸ਼ੀ

0
49

ਜਲੰਧਰ (ਰਮੇਸ਼ ਗਾਬਾ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਪੀੜਤਾਂ ਦੇ 372 ਆਸ਼ਰਿਤਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਵਿੱਤ ਕਮਿਸ਼ਨਰ ਮਾਲ ਵੀ. ਕੇ. ਜੰਜੂਆ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ-19 ਪੀੜਤਾਂ ਦੇ 559 ਆਸ਼ਰਿਤਾਂ ਵੱਲੋਂ ਐਕਸ-ਗ੍ਰਸ਼ੀਆ ਰਾਸ਼ੀ ਲਈ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 372 ਮਾਮਲਿਆਂ ਵਿੱਚ ਵਿੱਤੀ ਸਹਾਇਤਾ ਪਹਿਲਾਂ ਹੀ ਮੁਹੱਈਆ ਕਰਵਾਈ ਜਾ ਚੁੱਕੀ ਹੈ ਜਦਕਿ ਸਿਹਤ ਅਧਿਕਾਰੀਆਂ ਵੱਲੋਂ 187 ਫਾਈਲਾਂ ਦੀ ਤਸਦੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1496 ਕੇਸ ਸਨ, ਜਿਨ੍ਹਾਂ ਵਿੱਚੋਂ 559 ਨੇ ਇਸ ਲਾਭ ਲਈ ਅਪਲਾਈ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਤਸਦੀਕ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਯੋਗ ਆਸ਼ਰਿਤਾਂ ਇਸ ਸਹਾਇਤਾ ਰਾਸ਼ੀ ਦਾ ਜਲਦੀ ਤੋਂ ਜਲਦੀ ਲਾਭ ਪ੍ਰਦਾਨ ਕੀਤਾ ਜਾ ਸਕੇ।
ਲੋਕਾਂ ਨੂੰ ਸਬੰਧਤ ਦਫ਼ਤਰ ਵਿੱਚ ਮੁਆਵਜ਼ਾ ਲੈਣ ਲਈ ਆਪਣੀਆਂ ਅਰਜ਼ੀਆਂ ਦੇਣ ਦੀ ਅਪੀਲ ਕਰਦਿਆਂ ਅਮਰਜੀਤ ਬੈੰਸ ਨੇ ਕਿਹਾ ਕਿ ਅਰਜ਼ੀ ਫਾਰਮ ਅਤੇ ਹੋਰ ਸਬੰਧਤ ਦਸਤਾਵੇਜ਼ ਜਲੰਧਰ ਪ੍ਰਸ਼ਾਸਨ ਦੀ ਵੈੱਬਸਾਈਟ   www.jalandhar.nic.in ‘ਤੇ ਪਹਿਲਾਂ ਹੀ ਅਪਲੋਡ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਲੋਕ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਬਿਨੈ ਪੱਤਰ ਕਮਰਾ ਨੰਬਰ 106, ਪਹਿਲੀ ਮੰਜ਼ਿਲ, ਡਿਪਟੀ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਕੋਵਿਡ ਕੰਟਰੋਲ ਰੂਮ ਨੰਬਰ 0181-2224417 ‘ਤੇ ਫੋਨ ਵੀ ਕੀਤਾ ਜਾ ਸਕਦਾ ਹੈ।