ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਾਏ ਜਾਣਗੇ 7 ਪਲੇਸਮੈਂਟ ਕੈਂਪ

0
35

ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਵਿੱਚ ਅਹਿਮ ਭੁਮਿਕਾ ਨਿਭਾ ਰਿਹਾ ਡੀਬੀਈਈ : ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਜਲੰਧਰ, 6 ਜਨਵਰੀ(ਰਮੇਸ਼ ਗਾਬਾ)ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ 7 ਜਨਵਰੀ 2021 ਤੋਂ 15 ਜਨਵਰੀ 2021 ਤੱਕ 7 ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਸਕਿਓਰਿਟੀ ਸਕਿੱਲਜ਼ ਕਾਊਂਸਲ ਇੰਡੀਆ ਲਿਮਟਿਡ (ਐਸਐਸਸੀਆਈ) ਵੱਲੋਂ ਨੌਜਵਾਨਾਂ ਦੀ ਸਕਿਓਰਿਟੀ ਸਟਾਫ਼ ਲਈ ਰਜਿਸਟਰੇਸ਼ਨ ਕੀਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 7 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਨੂਰਮਹਿਲ, 8 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਰੁੜਕਾ ਕਲਾਂ, 11 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਆਦਮਪੁਰ, 12 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਭੋਗਪੁਰ, 13 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਲੋਹੀਆਂ ਖਾਸ, 14 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਜਲੰਧਰ ਪੂਰਬੀ ਅਤੇ 15 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਜਲੰਧਰ ਪੱਛਮੀ ਵਿਖੇ ਇਹ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਸਿਰਫ਼ ਲੜਕੇ ਹੀ ਭਾਗ ਲੈਣ ਯੋਗ ਹੋਣਗੇ ਅਤੇ ਕੈਂਪਾਂ ਵਿੱਚ ਭਾਗ ਲੈਣ ਲਈ ਕੋਈ ਰਜਿਸਟਰੇਸ਼ਨ ਫੀਸ ਨਹੀਂ ਹੈ, ਉਮੀਦਵਾਰ ਬਿਲਕੁਲ ਮੁਫ਼ਤ ਭਾਗ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦਵਾਰਾਂ ਦਾ ਕੱਦ (ਘੱਟੋ-ਘੱਟ) 168 ਸੈਮੀ., ਵਜ਼ਨ 50 ਕਿਲੋਗ੍ਰਾਮ, ਛਾਤੀ 80 ਸੈਮੀ-85 ਸੈਮੀ ਅਤੇ ਉਮਰ 21 ਤੋਂ 37 ਸਾਲ ਅਤੇ ਵਿੱਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਇਕ ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ। ਡਿਊਟੀ ਸਮਾਂ 12 ਘੰਟੇ ਲਈ ਤਨਖਾਹ 12,500/- ਤੋਂ 14000/- ਰੁਪਏ ਤੇ 8 ਘੰਟੇ ਲਈ 10000/- ਤੋਂ 11000/- ਰੁਪਏ ਤੋਂ ਇਲਾਵਾ ਈਪੀਐਫ, ਈਐਸਆਈ, ਗ੍ਰੈਚੂਟੀ, ਇੰਸ਼ੋਰੈਂਸ, ਮੈਡੀਕਲ, ਪੈਨਸ਼ਨ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਥੋਰੀ ਨੇ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਤੋਂ ਇਲਾਵਾ ਡੀਬੀਈਈ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਸਹਾਇਕ ਵਜੋਂ ਕੰਮ ਕਰ ਰਿਹਾ ਹੈ ਤਾਂ ਜੋ ਨੌਜਵਾਨਾਂ ਦੀ ਮਦਦ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਡੀਬੀਈਈ ਵੱਲੋਂ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ 0181-2225791 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।