ਪੰਜਾਬ ‘ਚ 7 ਜਨਵਰੀ ਤੋਂ ਖੁੱਲ੍ਹਣਗੇ 5ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ

0
107

ਚੰਡੀਗੜ੍ਹ, 6 ਜਨਵਰੀ (TLT) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸਬੰਧੀ ਫ਼ਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ 5ਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ‘ਚ ਆ ਕੇ ਕਲਾਸਾਂ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖ਼ਤਰੇ ਨੂੰ ਰੋਕਿਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਫੀਡ ਬੈਕ ਲਈ ਸੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਿਮ ਰੀਵਿਜ਼ਨ ਤੋਂ ਪਹਿਲਾਂ ਮੁੜ ਸਕੂਲ ਖੋਲ੍ਹਣ ਦੀ ਬੇਨਤੀ ਕੀਤੀ ਸੀ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਅਸਲ ਕੋਰੋਨਾ ਯੋਧਾ ਵਜੋਂ ਕਾਰਜ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ 7 ਨਵੰਬਰ ਨੂੰ ਇਕ ਮੈਗਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੀ ਵੰਡ ਮੌਕੇ ‘ਮਿਸ਼ਨ ਸ਼ਤ ਪ੍ਰਤਿਸ਼ਤ’ ਦੀ ਸ਼ੁਰੂਆਤ ਕੀਤੀ ਸੀ। ਇਸ ਐਲਾਨ ਤੋਂ ਬਾਅਦ ਸਮੁੱਚਾ ਸਿੱਖਿਆ ਵਿਭਾਗ ਖ਼ਾਸਕਰ ਸਕੂਲਾਂ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸੁਫ਼ਨੇ ਨੂੰ ਹਕੀਕਤ ‘ਚ ਬਦਲਣ ਲਈ ਪੂਰੀ ਤਰ੍ਹਾਂ ਜੁੱਟ ਗਏ ਹਨ।