ਦਰਦਨਾਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

0
166

ਤਲਵੰਡੀ ਸਾਬੋ/ਸੀਂਗੋ ਮੰਡੀ, 11 ਜਨਵਰੀ (TLT)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕੋਰੇਆਣਾ ਦੀ ਹੱਦ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਸੀਂਗੋ ਮੰਡੀ ਦੇ ਚੌਕੀ ਇੰਚਾਰਜ ਗੋਬਿੰਦ ਸਿੰਘ ਨੇ ਦੱਸਿਆ ਕਿ ਨੌਜਵਾਨ ਚਮਕੌਰ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਹਰਿਆਊ ਜ਼ਿਲ੍ਹਾ ਸੰਗਰੂਰ ਕੇਂਦਰ ਸਰਕਾਰ ਦੀ ਸਕੀਮ ਤਹਿਤ ਲੋਨ ਕਰਵਾਉਣ ਦਾ ਕੰਮ ਕਰਦਾ ਸੀ। ਉਹ ਤੇ ਉਸ ਨਾਲ ਅਜੇ ਕੁਮਾਰ ਪੁੱਤਰ ਰੋਸ਼ਨ ਲਾਲ ਉੱਤਰ ਪ੍ਰਦੇਸ਼ ਹਾਲ ਆਬਾਦ ਕਾਲਿਆਂਵਾਲੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੌਰੇਆਣਾ, ਪੱਕਾ ਸ਼ਹੀਦਾਂ ਵਾਲਾ ਹੋ ਕੇ ਕਾਲਿਆਂਵਾਲੀ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਮਕੌਰ ਸਿੰਘ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉੱਥੇ ਹੀ ਅਜੇ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤਲਵੰਡੀ ਸਾਬੋ ਦੇ ਸਹਾਰਾ ਕਲੱਬ ਦੇ ਹੈਪੀ ਸਿੰਘ ਨੇ ਤਲਵੰਡੀ ਸਾਬੋ ਦੇ ਇਕ ਹਸਪਤਾਲ ’ਚ ਦਾਖ਼ਲ ਕਰਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰ ਰਹੀ ਹੈ।