ਕੌਂਸਲ ਚੋਣਾਂ ‘ਚ ਕਾਂਗਰਸ ਦੀ ਧੱਕੇਸ਼ਾਹੀ ਦਾ ਦਿਆਂਗੇ ਡਟ ਕੇ ਜਵਾਬ- ਮਜੀਠੀਆ

0
90

ਅੰਮ੍ਰਿਤਸਰ, 2 ਫਰਵਰੀ (TLT)- ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਜਲਾਲਾਬਾਦ ਹਲਕੇ ‘ਚ ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਾਂਗਰਸੀ ਆਗੂਆਂ ਵਲੋਂ ਕੀਤੇ ਗਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਜਿਸ ਸੂਬੇ ‘ਚ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਤੱਕ ਵੀ ਸੁਰੱਖਿਅਤ ਨਹੀਂ ਹਨ, ਉਸ ਸੂਬੇ ਦੇ ਆਮ ਲੋਕਾਂ ਦੀ ਕੀ ਹਾਲਤ ਹੋਵੇਗੀ। ਅੱਜ ਇੱਥੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਤੋਂ ਭੱਜਣਾ ਚਾਹੁੰਦੀ ਹੈ, ਕਿਉਂਕਿ ਉਸ ਨੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ‘ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਹੀ ਨਿਰਪੱਖ ਚੋਣਾਂ ਲਈ ਪੈਰਾ ਮਿਲਟਰੀ ਫੋਰਸਿਜ਼ ਦੀ ਮੰਗ ਕੀਤੀ ਸੀ ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿੱਛੇ ਨਹੀਂ ਹਟੇਗਾ ਤੇ ਲੋਕਤੰਤਰ ਦੀ ਬਹਾਲੀ ਅਤੇ ਫੇਰ ਸਟੈਂਡ ਸੂਬੇ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਲੜਾਈ ਲੜਦਾ ਰਹੇਗਾ। ਮਜੀਠੀਆ ਨੇ ਕਿਹਾ ਕਿ ਚੋਣਾਂ ਲੜਾਂਗੇ ਤੇ ਕਾਂਗਰਸੀ ਧੱਕੇਸ਼ਾਹੀ ਦਾ ਡਟ ਕੇ ਜਵਾਬ ਦਿਆਂਗੇ । ਉਨ੍ਹਾਂ ਕਿਹਾ ਕਿ ‘ਆਪ’ ਕਾਂਗਰਸ ਦੀ ‘ਬੀ’ ਟੀਮ ਹੈ ਅਤੇ ਉਸ ਨਾਲ ਚੋਣਾਂ ਦਾ ਫਿਕਸ ਮੈਚ ਖੇਡ ਰਹੀ ਹੈ। ਇਸ ਮੌਕੇ ਮਜੀਠਾ ਹਲਕੇ ਦੀਆਂ ਕੁਝ ਸ਼ਖ਼ਸੀਅਤਾਂ ਵਲੋਂ ਹਲਕੇ ਦੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ ।